ਚੰਡੀਗੜ੍ਹ 31 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਪੁੱਜੇ। ਤਿੰਨਾਂ ਆਗੂਆਂ ਨੇ ਗੁਰੂਦੇਵ ਸ੍ਰੀ ਸ੍ਰੀ ਰਵੀਸ਼ੰਕਰ ਦਾ ਆਸ਼ੀਰਵਾਦ ਲਿਆ ਅਤੇ ਪੰਜਾਬ ਤੇ ਪੂਰੇ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ।

ਮੁੱਖ ਮੰਤਰੀ ਨੇ ਆਸ਼ਰਮ ਦੇ ਸ਼ਾਂਤਮਈ ਅਤੇ ਆਤਮਿਕ ਮਾਹੌਲ ਵਿੱਚ ਧਿਆਨ ਵੀ ਲਾਇਆ। ਉਨ੍ਹਾਂ ਕਿਹਾ ਕਿ ਗੁਰੂਦੇਵ ਸ੍ਰੀ ਸ੍ਰੀ ਰਵੀਸ਼ੰਕਰ ਨਾਲ ਮੁਲਾਕਾਤ ਉਨ੍ਹਾਂ ਲਈ ਵਿਸ਼ੇਸ਼ ਅਨੁਭਵ ਰਹੀ। ਉਨ੍ਹਾਂ ਨੂੰ ਆਸ਼ਰਮ ਵਿੱਚ ਮੌਜੂਦ ਸ਼ਰਧਾਲੂਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਦਾ ਮੌਕਾ ਵੀ ਮਿਲਿਆ।

 ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦੀ ‘ਖੜਗ ਭੁਜਾ’ ਕਿਹਾ ਜਾਂਦਾ ਹੈ। ਪੰਜਾਬ ਦੇ ਲੋਕਾਂ ਨੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰਦਿਆਂ ਦੇਸ਼ ਦੀ ਸੁਰੱਖਿਆ ਵਿੱਚ ਹਮੇਸ਼ਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਸਾਲਾਂ ਦੌਰਾਨ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਧਰਤੀ ਨੇ ਆਪਣਾ ਦ੍ਰਿੜ੍ਹ ਅਤੇ ਨਿਡਰ ਸੁਭਾਅ ਕਾਇਮ ਰੱਖਿਆ ਹੈ।

ਮਾਨ ਨੇ ਕਿਹਾ ਕਿ ਪੰਜਾਬ ਦੀ ਬਹਾਦਰੀ ਅਤੇ ਨਿਡਰਤਾ ਦੇ ਨਾਲ-ਨਾਲ ਧਰਮ ਨਿਰਪੱਖਤਾ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਵੀ ਇਸ ਦੀ ਵਿਲੱਖਣ ਪਛਾਣ ਹੈ। ਪੰਜਾਬ ਸਰਕਾਰ ਵਿਕਾਸ ਨੂੰ ਰਫ਼ਤਾਰ ਦੇਣ ਦੇ ਨਾਲ-ਨਾਲ ਸਮਾਜ ਦੀ ਨੈਤਿਕ ਅਤੇ ਸਮਾਜਿਕ ਨੀਂਹ ਮਜ਼ਬੂਤ ਕਰਨ ਲਈ ਵੀ ਵਚਨਬੱਧ ਹੈ।

ਨੌਜਵਾਨਾਂ ਨੂੰ ਸਹੀ ਸੇਧ ਦੇਣ ਦੀ ਲੋੜ

ਮੁੱਖ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨ ਅਤੇ ਸਹੀ ਸੇਧ ਦੇਣ ਲਈ ਸ੍ਰੀ ਸ੍ਰੀ ਰਵੀਸ਼ੰਕਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਆਤਮਿਕ ਸਿੱਖਿਆਵਾਂ ਅਤੇ ਬੌਧਿਕ ਮਾਰਗਦਰਸ਼ਨ ਨੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪ੍ਰੇਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਤਰੱਕੀਸ਼ੀਲ ਅਤੇ ਇਕਜੁੱਟ ਦੇਸ਼ ਲਈ ਭਾਈਚਾਰਕ ਸਾਂਝ, ਅਮਨ-ਸ਼ਾਂਤੀ, ਸਮਾਜਿਕ ਬਰਾਬਰੀ ਅਤੇ ਵਿਸ਼ਵ ਭਾਈਚਾਰਾ ਬੇਹੱਦ ਜ਼ਰੂਰੀ ਹਨ। ਸਮਾਜ ਨੂੰ ਮਜ਼ਬੂਤ ਕਰਨ ਵਾਲੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।