ਡੇਰਾਬੱਸੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਸਤੰਬਰ, 2026 (ਪੰਜਾਬੀ ਖਬਰਨਾਮਾ ਬਿਊਰੋ) :
ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਪਿੰਡਾਂ ਵਿੱਚ ਕੁੱਲ 55 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਲਾਇਬ੍ਰੇਰੀ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ਅਤੇ ਸ਼ਮਸ਼ਾਨਘਾਟ ਦੇ ਵਿਕਾਸ ਕਾਰਜ ਸ਼ਾਮਲ ਹਨ।
ਵਿਧਾਇਕ ਰੰਧਾਵਾ ਨੇ ਪਿੰਡ ਬਾਕਰਪੁਰ (ਟੈਂਕੀ ਵਾਲਾ) ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦਾ ਕੰਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਦੇ ਨਿਰਮਾਣ ਨਾਲ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਧੀਆ ਮਾਹੌਲ ਮਿਲੇਗਾ।
ਇਸ ਤੋਂ ਬਾਅਦ ਪਿੰਡ ਕਾਰਕੇਰ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਕਾਰਜ ਨਾਲ ਪਿੰਡ ਦੀਆਂ ਅੰਦਰੂਨੀ ਗਲੀਆਂ ਅਤੇ ਨਿਕਾਸੀ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਸਹੂਲਤ ਮਿਲੇਗੀ।
ਪਿੰਡ ਬਰੋਲੀ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕੀਤੇ ਗਏ, ਜਿਨ੍ਹਾਂ ਵਿੱਚ 8 ਲੱਖ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਅਤੇ 2 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦਾ ਕੰਮ ਸ਼ਾਮਲ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਰੋਸ਼ਨੀ ਅਤੇ ਸੁਚਾਰੂ ਨਿਕਾਸੀ ਦੀ ਸਹੂਲਤ ਮਿਲੇਗੀ।
ਇਸੇ ਲੜੀ ਤਹਿਤ ਪਿੰਡ ਅਮਲਾਲਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਵਿਕਾਸ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਪਿੰਡਾਂ ਦੇ ਲੋਕਾਂ ਨੂੰ ਵੀ ਬਰਾਬਰ ਦੀਆਂ ਬੁਨਿਆਦੀ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਦੇ ਹਰ ਪਿੰਡ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀਆਂ ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਵਿੱਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਗੁਣਵੱਤਾ ਅਤੇ ਪਾਰਦਰਸ਼ਤਾ ਨਾਲ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
