17 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਬੈਠਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਚੱਬਾ ਸਥਿਤ ਦਫ਼ਤਰ ’ਚ ਹੋਈ। ਬੈਠਕ ’ਚ ਸੂਬੇ ਤੋਂ ਪਹੁੰਚੇ ਕਿਸਾਨ ਆਗੂਆਂ ਨੇ ਵਿਚਾਰ ਕੀਤਾ। ਇਸ ਤੋਂ ਬਾਅਦ ਪ੍ਰੈੱਸ ਕਲੱਬ ਅੰਮਿ੍ਰਤਸਰ ’ਚ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਬਲਦੇਵ ਸਿੰਘ ਜ਼ੀਰਾ, ਬਲਵੰਤ ਸਿੰਘ, ਮਨਜੀਤ ਸਿੰਘ ਰਾਏ, ਅਮਰਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਤਿੰਨ ਦਿਨਾਂ ਤੋਂ ਕਿਸਾਨ ਮਜ਼ਦੂਰ ਮੋਰਚਾ ਦੇ ਮੈਂਬਰ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਰਹੇ ਹਨ। ਪਰ ਅਫ਼ਸੋਸ ਹੈ ਕਿ ਸਰਕਾਰ ਵਲੋਂ ਮੰਗਾਂ ’ਤੇ ਵਿਚਾਰ ਤੱਕ ਨਹੀਂ ਕੀਤਾ ਗਿਆ। ਇਸ ਕਾਰਨ ਸੰਗਠਨ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੰਗਠਨ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ 17 ਸਤੰਬਰ ਦੁਪਹਿਰ 12 ਵਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਪੂਰੀਆਂ ਕਰਦੀ ਤਾਂ ਉਸ ਤੋਂ ਬਾਅਦ ਸੂਬੇ ’ਚ ਪੰਜ ਥਾਵਾਂ ’ਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਨਾਲ ਠੱਪ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ ਅੰਮਿ੍ਰਤਸਰ ਦੇ ਪਿੰਡ ਦੇਵੀਦਾਸਪੁਰਾ, ਸੰਗਰੂਰ ਦੇ ਸੁਨਾਮ, ਗੁਰਦਾਸਪੁਰ, ਮੋਗਾ ਤੇ ਫਿਰੋਜ਼ਪੁਰ ’ਚ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਅੰਦੋਲਨ ਦੇ ਬਾਵਜੂਦ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੂਬੇ ’ਚ ਕਈ ਹੋਰ ਥਾਵਾਂ ’ਤੇ ਪ੍ਰਦਰਸ਼ਨ ਕੀਤੇ ਜਾਣਗੇ। 18 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਮੀਟਿੰਗ ਕੀਤੀ ਜਾਏਗੀ। ਇਸ ਵਿਚ ਪੰਜਾਬ ਸਰਕਾਰ ਦੇ ਰੁਖ਼ ਨੂੰ ਦੇਖਦੇ ਹੋਏ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਏਗੀ। ਬੁਲਾਰਿਆਂ ਨੇ ਕਿਹਾ ਕਿ ਅੰਮਿ੍ਰਤਸਰ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਦੇ ਘਰ ਦੇ ਨਜ਼ਦੀਕ ਲੱਗੇ ਪੱਕੇ ਮੋਰਚੇ ਨੂੰ ਅੱਜ ਹੀ ਪਿੰਡ ਦੇਵੀਦਾਸਪੁਰਾ ’ਚ ਸ਼ਿਫਟ ਕਰ ਦਿੱਤਾ ਗਿਆ ਹੈ। ਰੇਲ ਆਵਾਜਾਈ ਠੱਪ ਕਰਨ ਲਈ ਕਿਸਾਨ ਪੂਰੀ ਤਰ੍ਹਾਂ ਨਾਲ ਤਿਆਰ ਬਰ ਤਿਆਰ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।