ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਲੱਖਵਿੰਦਰ ਲੱਖਾ  ਅੱਜ ਜ਼ਿਲ੍ਹਾ  ਚੋਣ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਅਤੇ ਅਜੇ ਤੱਕ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਇਆ, ਉਹ ਆਪਣੀ ਵੋਟ ਜਲਦ ਤੋਂ ਜਲਦ ਬਣਵਾਉਣ। ਲਖਵਿੰਦਰ ਲੱਖਾ ਪੰਜਾਬੀ ਫਿਲਮਾ ਢੋਲ ਰੱਤੀ, 25 ਕਿੱਲੇ, ਮਿੱਟੀ ਨਾ ਫਰੋਲ ਜੋਗੀਆ, ਜੱਟੀ ਪੰਦਰਾਂ ਮੁਰੱਬਿਆਂ ਵਾਲੀ ਅਤੇ ਖਿਡਾਰੀ ਦੇ ਮੇਨ ਹੀਰੋ ਵੱਜੋਂ ਨਾਮਣਾ ਖੱਟ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਦਾ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੁਦ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਪਣੇ ਸਾਥੀਆਂ ਨੂੰ ਵੀ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਉੱਘੇ ਚਿੱਤਰਕਾਰ ਸ੍ਰੀ ਗੁਰਪ੍ਰੀਤ  ਸਿੰਘ ਨਾਮਧਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਵਿੱਚ ਸਥਾਪਿਤ ਇਲੈਕਟੋਰਲ ਲਿਟਰੇਸੀ ਕਲੱਬਜ਼ ਨੂੰ ਸਰਗਰਮ ਕਰਦਿਆਂ ਨੌਜਵਾਨਾਂ ਤੱਕ ਵੋਟਰ ਰਜਿਸਟ੍ਰੇਸ਼ਨ ਅਤੇ ਚੋਣੀ ਭਾਗੀਦਾਰੀ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵੀਪ ਟੀਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨੌਜਵਾਨ ਵੋਟਰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਈ ਐਲ ਸੀ ਕਲੱਬਾਂ ਰਾਹੀਂ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ, ਵੋਟਰ ਰਜਿਸਟ੍ਰੇਸ਼ਨ ਮੁਹਿੰਮਾਂ ਅਤੇ ਨੌਜਵਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ, ਤਾਂ ਜੋ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀਮਤੀ ਹਰਪ੍ਰੀਤ ਕੌਰ, ਇਲੈਕਸ਼ਨ ਕਾਨੂੰਗੋ ਸ੍ਰੀ ਸੁਰਿੰਦਰ ਬੱਤਰਾ ਤੋਂ ਇਲਾਵਾ ਸਵੀਪ ਟੀਮ ਦੇ ਮੈਂਬਰ ਸ੍ਰੀਮਤੀ ਵਰਿੰਦਰ ਕੌਰ ਅਤੇ ਸ੍ਰੀਮਤੀ ਗੁਰਮੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਅਤੇ ਅਜੇ ਤੱਕ ਵੋਟਰ ਵਜੋਂ ਰਜਿਸਟਰ ਨਹੀਂ ਹੋਏ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।