ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) :
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸੀਨੀਅਰ ਸਿਟੀਜ਼ਨ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਫੇਜ਼-5, ਪਿੰਡ ਕੰਡਾਲਾ ਅਤੇ ਐਰੋਸਿਟੀ ਤੋਂ ਰਵਾਨਾ ਹੋਈਆਂ।
ਇਸ ਮੌਕੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਸਮੇਤ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੇ ਤਹਿਤ ਖਾਟੂ ਸ਼ਿਆਮ, ਸਾਲਾਸਰ, ਵਰਿੰਦਾਵਨ ਅਤੇ ਹਰਿਦੁਆਰ ਆਦਿ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸ਼ਰਧਾਲੂਆਂ ਦੀ ਸੁਖਦ ਅਤੇ ਸਫ਼ਲ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਸਾਰੇ ਸ਼ਰਧਾਲੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰੇ।
ਫੇਜ਼-5 ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ-ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਲਗਾਤਾਰ ਲਾਗੂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਲੋਕਾਂ ਦੀ ਮੰਗ ਅਨੁਸਾਰ ਨਿਰੰਤਰ ਜਾਰੀ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਮੁਤਾਬਕ 600 ਯੂਨਿਟ ਪ੍ਰਤੀ ਬਿਲ ਬਿਜਲੀ ਮੁਆਫ਼ੀ ਦੀ ਯੋਜਨਾ ਦਾ ਲਾਭ ਵੀ ਲੋਕਾਂ ਨੂੰ ਲਗਾਤਾਰ ਮਿਲ ਰਿਹਾ ਹੈ।
ਖੇਡਾਂ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਤੰਦਰੁਸਤ ਬਣਾਉਣ ਲਈ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਵਿਕਸਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਨਾਲ ਸਬੰਧਤ ਲੋੜੀਂਦਾ ਸਾਮਾਨ ਅਤੇ ਹੋਰ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਬੰਧੀ ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਲੋਕਾਂ ਦੀ ਮੰਗ ਵਧੇਗੀ, ਉਸੇ ਅਨੁਸਾਰ ਯਾਤਰਾ ਦਾ ਸਿਲਸਿਲਾ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ, ਆਪ ਆਗੂ ਅਨੂ ਬੱਬਰ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਸਰਪੰਚ ਕੰਡਾਲਾ, ਰਾਕੇਸ਼ ਗਰੋਵਰ, ਹਰਜੀਤ ਸਿੰਘ ਰੁੜਕਾ, ਦਵਿੰਦਰ ਸਿੰਘ ਨਡਿਆਲੀ, ਪ੍ਰਗਟ ਸਿੰਘ ਰਾਇਪੁਰ ਕਲਾਂ ਅਤੇ ਬਲਜੀਤ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
