ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੋਹਾਲੀ ਵਿਖੇ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤਾ।

ਵਿਧਾਇਕ ਕੁਲਵੰਤ ਸਿੰਘ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਲਾਭਪਾਤਰੀਆਂ ਦੇ ਕਰੀਬ 60 ਹਜ਼ਾਰ ਫਾਰਮ ਭਰਨ ਲਈ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ ਅਤੇ ਇਸ ਕੰਮ ਦੌਰਾਨ ਕਈ ਤਰ੍ਹਾਂ ਦੀਆਂ ਤਕਨੀਕੀ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਨਿਰਧਾਰਤ ਸਮੇਂ ਅੰਦਰ ਫਾਰਮ ਭਰਨ ਦਾ ਕੰਮ ਮੁਕੰਮਲ ਕੀਤਾ।

ਉਨ੍ਹਾਂ ਕਿਹਾ ਕਿ ਕਈ ਵਾਰ ਸਰਵਰ ਅਤੇ ਇੰਟਰਨੈੱਟ ਦੀਆਂ ਸਮੱਸਿਆਵਾਂ ਕਾਰਨ ਕੰਮ ਪ੍ਰਭਾਵਿਤ ਹੋਇਆ, ਪਰ ਆਂਗਣਵਾੜੀ ਵਰਕਰਾਂ ਨੇ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੀ ਜਾਂਦੀ ਮਿਹਨਤ ਅਤੇ ਸੇਵਾ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਬਣਦਾ ਮਾਣ-ਸਤਿਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਰਕਰਾਂ ਦੇ ਮਾਣ-ਭੱਤੇ ਵਿੱਚ ਵਾਧੇ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ 25 ਰੁਪਏ ਪ੍ਰਤੀ ਫਾਰਮ ਦੇ ਹਿਸਾਬ ਨਾਲ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਸਨਮਾਨ ਵਜੋਂ ਕੁੱਲ 12 ਲੱਖ 95 ਹਜ਼ਾਰ 320 ਰੁਪਏ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਹੋ ਸਕਦੀ, ਪਰ ਸਰਕਾਰ ਅਤੇ ਉਨ੍ਹਾਂ ਵੱਲੋਂ ਵਰਕਰਾਂ ਦੇ ਯੋਗਦਾਨ ਦੀ ਕਦਰ ਕਰਨ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਸੇ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ ਸਮਾਣਾ, ਫੂਲਰਾਜ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ ਮਟੌਰ, ਹਰਪਾਲ ਸਿੰਘ ਬਰਾੜ ਅਤੇ ਅਮਰਜੀਤ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।