25 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਇਸ ਗਠਜੋੜ ਨੂੰ ‘ਠੱਗ ਜੋੜ’ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਨੇ ਪੰਜਾਬ ਦੇ ਹਿੱਤਾਂ ਦੀ ਬਜਾਏ ਆਪਣੇ ਸਿਆਸੀ ਹਿੱਤਾਂ ਅਤੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਲਈ ਹੱਥ ਮਿਲਾਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਭਲਾਈ ਲਈ ਨਹੀਂ, ਸਗੋਂ ਕੁਝ ਸਿਆਸੀ ਪਰਿਵਾਰਾਂ ਨੂੰ ਮੁੜ ਸੱਤਾ ਵਿੱਚ ਲਿਆਉਣ ਦੇ ਉਦੇਸ਼ ਨਾਲ ਬਣਾਇਆ ਗਿਆ ਹੈ। ਉਨ੍ਹਾਂ ਨੇ ਦੋਵਾਂ ਪਾਰਟੀਆਂ ਦੇ ਪੁਰਾਣੇ ਸਿਆਸੀ ਮਤਭੇਦਾਂ ਦਾ ਜ਼ਿਕਰ ਕਰਦਿਆਂ ਸਵਾਲ ਉਠਾਇਆ ਕਿ ਜਿਹੜੇ ਆਗੂ ਪਹਿਲਾਂ ਇੱਕ-ਦੂਜੇ ਦੀਆਂ ਨੀਤੀਆਂ ਅਤੇ ਫੈਸਲਿਆਂ ਦੀ ਆਲੋਚਨਾ ਕਰਦੇ ਸਨ, ਉਹ ਹੁਣ ਇਕੱਠੇ ਕਿਵੇਂ ਹੋ ਗਏ ਹਨ।
ਮੁੱਖ ਮੰਤਰੀ ਨੇ ਤਿੰਨ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਨੇ ਸ਼ੁਰੂਆਤ ਵਿੱਚ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕੀਤਾ ਸੀ, ਪਰ ਕਿਸਾਨ ਅੰਦੋਲਨ ਤੇਜ਼ ਹੋਣ ਤੋਂ ਬਾਅਦ ਆਪਣਾ ਰੁਖ ਬਦਲ ਲਿਆ। ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਮੌਤ ਦਾ ਵੀ ਜ਼ਿਕਰ ਕੀਤਾ।
ਭਗਵੰਤ ਮਾਨ ਨੇ ਚੰਡੀਗੜ੍ਹ, ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਅਤੇ ਸਿੱਖ ਧਾਰਮਿਕ ਸੰਸਥਾਵਾਂ ਨਾਲ ਜੁੜੇ ਮੁੱਦਿਆਂ ‘ਤੇ ਵੀ ਭਾਜਪਾ ਦੇ ਪੁਰਾਣੇ ਰੁਖ਼ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦੇ ਆਗੂ ਪਹਿਲਾਂ ਕਈ ਮੁੱਦਿਆਂ ‘ਤੇ ਇੱਕ-ਦੂਜੇ ਦੇ ਵਿਰੁੱਧ ਬਿਆਨ ਦਿੰਦੇ ਰਹੇ ਹਨ, ਪਰ ਹੁਣ ਸਿਆਸੀ ਫਾਇਦੇ ਲਈ ਮੁੜ ਇਕੱਠੇ ਹੋ ਗਏ ਹਨ।
ਮੁੱਖ ਮੰਤਰੀ ਨੇ 2007 ਤੋਂ 2017 ਤੱਕ ਚੱਲੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਨਸ਼ਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੁਰਾਣੇ ਸਿਆਸੀ ਘਟਨਾਕ੍ਰਮ ਨੂੰ ਭੁੱਲੇ ਨਹੀਂ ਹਨ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ, ਮੁਹੱਲਾ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਗਠਜੋੜ ਪੰਜਾਬ ਦੇ 3.25 ਕਰੋੜ ਲੋਕਾਂ ਨਾਲ ਹੈ।
