ਜਲੰਧਰ, 13 ਮਾਰਚ (ਪੰਜਾਬੀ ਖ਼ਬਰਨਾਮਾ): ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਦਿਆਂ ਉਥੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਸਮੇਤ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਸਟੇਟ ਪਟਵਾਰ ਸਕੂਲ, ਡਾਇਰੈਕਟਰ ਲੈਂਡ ਰਿਕਾਰਡ, ਸਰਕਾਰੀ ਸਪੋਰਟਸ ਸਕੂਲ ਦੌਰਾ ਕੀਤਾ, ਜਿਥੇ ਲੋਕ ਸਭਾ ਹਲਕਾ ਜਲੰਧਰ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ। ਉਨਾਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਟਰਾਂਗ ਰੂਮ ਅਤੇ ਗਿਣਤੀ ਕੇਂਦਰਾਂ ਵਿਖੇ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਤਦਾਨ ਸਮਾਪਤ ਹੋਣ ਉਪਰੰਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਲਿਆ ਕੇ ਈ.ਵੀ.ਐਮਜ਼. ਅਤੇ ਵੀ.ਵੀ.ਪੈਟਸ ਇਥੇ ਸਟਰਾਂਗ ਰੂਮਾਂ ਵਿੱਚ ਰੱਖੀਆਂ ਜਾਣਗੀਆਂ, ਜਿਨਾਂ ਨੂੰ ਗਿਣਤੀ ਵਾਲੇ ਦਿਨ ਗਿਣਤੀ ਕੇਂਦਰਾਂ ਵਿੱਚ ਲਿਆਂਦਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਇਸ ਮੌਕੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ,ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਤਹਿਸੀਲਦਾਰ ਰਾਕੇਸ਼ ਕਾਨੂੰਨਗੋ ਆਦਿ ਵੀ ਮੌਜੂਦ ਸਨ।