ਜਲੰਧਰ, 14 ਮਾਰਚ (ਪੰਜਾਬੀ ਖ਼ਬਰਨਾਮਾ): ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਲਈ ਅੱਜ ਇਥੇ ਰੈਡ ਕਰਾਸ ਭਵਨ ਵਿਖੇ ਤਿੰਨ ਦਿਨਾਂ ਸਿਖਲਾਈ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਜਲੰਧਰ ਡਵੀਜ਼ਨ ਵਿੱਚ ਪੈਂਦੇ ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਨਾਲ ਸਬੰਧਤ ਮਾਸਟਰ ਟ੍ਰੇਨਰਾਂ ਨੇ ਭਾਗ ਲਿਆ।
ਸਿਖਲਾਈ ਦੇ ਪਹਿਲੇ ਦਿਨ ਕਰਵਾਏ ਗਏ ਦੋ ਸੈਸ਼ਨਾਂ ਵਿੱਚ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਯੋਗਤਾ ਤੇ ਆਯੋਗਤਾ, ਨਾਮਜ਼ਦਗੀ ਪ੍ਰਕਿਰਿਆ, ਨਾਮਜ਼ਦਗੀਆਂ ਦੀ ਪੜਤਾਲ, ਚੋਣ ਖਰਚੇ ਦੀ ਨਿਗਰਾਨੀ ਅਤੇ ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ (ਡੈਂਪ) ਸਬੰਧੀ ਸਿਖਲਾਈ ਦਿੱਤੀ ਗਈ।
ਸਵੇਰ ਦੇ ਸੈਸ਼ਨ ਦੌਰਾਨ ਸੂਬਾ ਪੱਧਰੀ ਮਾਸਟਰ ਟ੍ਰੇਨਰ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਸ਼ਿਖਾ ਭਗਤ ਨੇ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਉਮੀਦਵਾਰ ਦੀ ਯੋਗਤਾ ਤੇ ਅਯੋਗਤਾ, ਨਾਮਜ਼ਦਗੀ ਪ੍ਰਕਿਰਿਆ, ਨਾਮਜ਼ਦਗੀਆਂ ਦੀ ਪੜਤਾਲ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਆਦਿ ਬਾਰੇ ਵਿਸਥਾਰ ਨਾਲ ਸਿਖਲਾਈ ਦਿੱਤੀ।
ਦੂਜੇ ਸੈਸ਼ਨ ਵਿੱਚ ਸੂਬਾ ਪੱਧਰੀ ਮਾਸਟਰ ਟ੍ਰੇਨਰ ਵਧੀਕ ਡਿਪਟੀ ਕਮਿਸ਼ਨਰ (ਜ) ਜਲੰਧਰ ਮੇਜਰ ਡਾ. ਅਮਿਤ ਮਹਾਜਨ ਨੇ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਦੀ ਨਿਗਰਾਨੀ ਸਬੰਧੀ ਅਪਣਾਈ ਜਾਣ ਵਾਲੀ ਕਾਰਜਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਸਬੰਧੀ 15 ਅਤੇ 16 ਮਾਰਚ ਨੂੰ ਵੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।