ਤਰਨ ਤਾਰਨ, 09 ਅਪ੍ਰੈਲ (ਪੰਜਾਬੀ ਖਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਬੀ. ਐੱਸ. ਐੱਫ. ਵੱਲੋਂ ਆਪਸੀ ਤਾਲਮੇਲ ਨਾਲ ਵਿਸ਼ੇਸ ਚੈਕਿੰਗ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 3 ਫਲਾਇੰਗ ਸਕੁਆਇਡ ਟੀਮਾਂ ਕੰਮ ਕਰ ਰਹੀਆਂ ਹਨ।ਉਹਨਾਂ ਕਿਹਾ ਕਿ ਇਹਨਾਂ ਟੀਮਾਂ ਵੱਲੋਂ ਰੋਜ਼ਾਨਾ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ।
ਉਹਨਾਂ ਕਿਹਾ ਕਿ ਜ਼ਿਲੇ ਵਿੱਚ ਕੁੱਲ 12 ਫਲਾਇੰਗ ਸਕੁਆਇਡ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਇਹ ਟੀਮਾਂ 24 ਘੰਟੇ ਕਾਰਜਸ਼ੀਲ ਰਹਿੰਦੀਆਂ ਹਨ।ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਕਿਸੇ ਨੂੰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਸੀ ਵਿਜ਼ਲ ਐਪ ਰਾਹੀਂ ਸ਼ਿਕਾਇਤ ਕਰ ਸਕਦਾ ਹੈ।ਇਸ ਤੋਂ ਇਲਾਵਾ ਚੋਣਾਂ ਸਬੰਧੀ ਹੋਰ ਜਾਣਕਾਰੀ ਲਈ ਜ਼ਿਲਾ ਪੱਧਰੀ ਚੋਣ ਕੰਟਰੋਲ ਰੂਮ ਨੰਬਰ 01852-224115 ਅਤੇ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
![](https://punjabikhabarnama.com/wp-content/uploads/2024/04/DC-Sandeep-Kumar-IAS-3.jpg)