ਕਪੂਰਥਲਾ, 15 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਦਿਆਂ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੰਡੀ ਵਿਚ ਪਹੁੰਚ ਕੇ ਆਏ ਕਿਸਾਨਾਂ ਦੀ ਫਸਲਾ ਦੀਆਂ ਢੇਰੀਆਂ ਚੈੱਕ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾਂ ਨੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਦੱਸਿਆ ਕਿ ਉਨ੍ਹਾਂ ਦੀ ਫਸਲ ਸਮੇਂ ਸਿਰ ਖਰੀਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ 44 ਪੱਕੀਆਂ ਮੰਡੀਆਂ ਅਤੇ 33 ਆਰਜ਼ੀ ਖਰੀਦ ਕੇਂਦਰਾਂ ਵਿਖੇ ਫਸਲ ਖਰੀਦੀ ਜਾ ਰਹੀ ਹੈ ਅਤੇ ਹੁਣ ਤੱਕ ਸਰਕਾਰੀ ਏਜੰਸੀਆਂ ਵਲੋਂ 720 ਕੁਇੰਟਲ ਅਤੇ ਪ੍ਰਾਈਵੇਟ ਏਜੰਸੀਆਂ ਵਲੋਂ 2970 ਕੁਇੰਟਲ ਕਣਕ ਖਰੀਦੀ ਜਾ ਚੁੱਕੀ ਹੈ।
ਮੰਡੀਆਂ ਵਿਚ ਲੋੜੀਂਦਾ ਬਾਰਦਾਨਾ ਅਤੇ ਹੋਰ ਸਹੂਲਤਾਂ ਦੀ ਉਪਲੱਬਧਤਾ ਬਾਰੇ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ 3786010 ਕੁਇੰਟਲ ਕਣਕ ਦੀ ਖਰੀਦ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਹਰ ਲੋੜੀਂਦੀ ਵਿਵਸਥਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ 12 ਫੀਸਦੀ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਨੂੰ ਤਰਜੀਹ ਦੇਣ ਤਾਂ ਜੋ ਉਨ੍ਹਾਂ ਦੀ ਫਸਲ ਨਾਲੋਂ-ਨਾਲ ਖਰੀਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਨਗ੍ਰੇਨ,ਮਾਰਕਫੈੱਡ ਪਨਸਪ ਅਤੇ ਵੇਅਰਹਾਊਸ ਤੋਂ ਇਲਾਵਾ ਐਫ.ਸੀ.ਆਈ ਵਲੋਂ ਕਿਸਾਨਾਂ ਦੀ ਫਸਲ ਖਰੀਦੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਖਰੀਦੀ ਫਸਲ ਦੀ ਅਦਾਇਗੀ ਵੀ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿਚ ਭੇਜਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਾਫ-ਸਫਾਈ ਦੇ ਨਾਲ-ਨਾਲ ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਲੋੜੀਂਦੀ ਗਿਣਤੀ ਵਿਚ ਤਰਪਾਲਾਂ ਆਦਿ ਦਾ ਵੀ ਇੰਤਜ਼ਾਮ ਰੱਖਿਆ ਜਾਵੇ। ਇਸ ਮੌਕੇ ਐਸ.ਡੀ.ਐਮ. ਡਾ.ਇਰਵਿਨ ਕੌਰ, ਜ਼ਿਲ੍ਹਾ ਖੁਰਾਕ ਤੇ ਤੇ ਸਪਲਾਈਜ਼ ਅਧਿਕਾਰੀ ਸੰਯੋਗਤਾ, ਜ਼ਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ ਅਤੇ ਸਾਰੀਆਂ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਤੋਂ ਇਲਾਵਾ ਆੜ੍ਹਤੀ ਅਤੇ ਕਿਸਾਨ ਵੀ ਮੌਜੂਦ ਸਨ।