ਜਲੰਧਰ, 26 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਮੌਜੂਦਗੀ ਵਿੱਚ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ-2024 ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਦੀ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 10690 ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਸੀ.ਈ.ਓ. ਪੰਜਾਬ ਦੇ ਸਾਫਟਵੇਅਰ ਨੈਕਸਟਜੈਨ ਡਾਈਸ ਰਾਹੀਂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਚੋਣ ਸਟਾਫ਼ ਨੂੰ ਵਿਧਾਨ ਸਭਾ ਪੱਧਰ ‘ਤੇ ਨਿਰਧਾਰਿਤ ਟ੍ਰੇਨਿੰਗ ਵਾਲੇ ਸਥਾਨ ’ਤੇ 2 ਸ਼ਿਫ਼ਟਾਂ ਵਿੱਚ ਚੋਣ ਡਿਊਟੀ ਬਾਰੇ ਵਿਸਥਾਰਤ ਸਿਖ਼ਲਾਈ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਚੋਣ ਲਈ 1 ਜੂਨ ਨੂੰ ਵੋਟਾਂ ਪੈਣਗੀਆਂ, ਜਿਸ ਦੇ ਲਈ 7 ਤੋਂ 14 ਮਈ ਤੱਕ ਨਾਮਜ਼ਦਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ। 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ। ਉਪਰੰਤ 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੀ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਦੇ ਜ਼ਿਲ੍ਹੇ ਵਿੱਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਡੀ.ਆਈ.ਓ. ਰਣਜੀਤ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਆਦਿ ਵੀ ਮੌਜੂਦ ਸਨ।