Lok Sabha Elections 2024(ਪੰਜਾਬੀ ਖ਼ਬਰਨਾਮਾ): ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 4 ਹੋਰ ਸਭਾਵਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਇਨ੍ਹਾਂ ਚਾਰ ਸੀਟਾਂ ‘ਚ ਗੁਰਦਾਸਪੁਰ, ਖਡੂਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਲੁਧਿਆਣਾ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਅਤੇ 2 ਕੁੱਲ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ।
ਸੋਮਵਾਰ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ, ਜਿਸ ਤਹਿਤ 4 ਹੋਰ ਟਿਕਟਾਂ ਦਾ ਐਲਾਨ ਕੀਤਾ ਗਿਆ ਹੈ। ਐਲਾਨ ਤਹਿਤ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜੀਰਾ ਨੂੰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
ਪਾਰਟੀ ਦੇ ਲੁਧਿਆਣਾ ਤੋਂ ਐਲਾਨੇ ਉਮੀਦਵਾਰ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਵੀ ਹਨ। ਪਹਿਲਾਂ ਇਹ ਵੀ ਚਰਚਾ ਸੀ ਕਿ ਉਹ ਬਠਿੰਡਾ ਤੋਂ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਲਈ ਲੋਕ ਸਭਾ ਸੀਟ ਚਾਹੁੰਦੇ ਸਨ, ਪਰ ਪਾਰਟੀ ਨੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਟਿਕਟ ਦੇ ਦਿੱਤੀ। ਹਾਲਾਂਕਿ ਪਾਰਟੀ ਨੇ ਉਨ੍ਹਾਂ ਨੂੰ ਹੁਣ ਲੁਧਿਆਣਾ ਤੋਂ ਟਿਕਟ ਦੇ ਕੇ ਖੁਸ਼ ਕਰਨਾ ਚਾਹਿਆ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਕਾਂਗਰਸ ਦੇ ਰਵਨੀਤ ਬਿੱਟੂ ਮੈਂਬਰ ਪਾਰਲੀਮੈਂਟ ਸਨ, ਪਰ ਪਿਛਲੇ ਦਿਨੀ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਦੇ ਮੌਜੂਦਾ ਵਿਧਾਇਕ ਹਨ। ਇਸਤੋਂ ਇਲਾਵਾ ਉਨ੍ਹਾਂ ਨੂੰ ਕਾਂਗਰਸ ਨੇ ਲੋਕ ਸਭਾ ਚੋਣਾਂ ‘ਚ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਵੀ ਥਾਂ ਦਿੱਤੀ ਹੋਈ ਹੈ।