ਫ਼ਤਹਿਗੜ੍ਹ ਸਾਹਿਬ, 08 ਮਈ (ਪੰਜਾਬੀ ਖ਼ਬਰਨਾਮਾ) : ਅਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ. ਕੁਲਵੰਤ ਸਿੰਘ ਮੈਹਿਤੋ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਇੱਕ ਉਮੀਦਵਾਰ ਆਪਣੀ ਚੋਣ ਤੇ 90 ਲੱਖ ਰੁਪਏ ਤੋਂ ਵੱਧ ਦਾ ਖਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖਰਚਾ ਦਾ ਖਰਚਾ ਰਜਿਸਟਰ ਵਿੱਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਅੰਦਰ ਚੋਣਾ ਦਾ ਐਲਾਨ ਹੁੰਦੇ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਿਆ ਹੈ ਇਸ ਲਈ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹੋਰ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ 07 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 01 ਜੂਨ ਨੂੰ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਹੋਰ ਦੱਸਿਆ ਕਿ 06 ਜੂਨ, 2024 ਨੂੰ ਚੋਣ ਪ੍ਰਕ੍ਰਿਆ ਮੁਕੰਮਲ ਹੋ ਜਾਵੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਵੇਂ ਕਿ ਸੂਬੇ ਅੰਦਰ 10 ਮਈ ਨੂੰ ਨੈਗੋਸ਼ੀਏਵਲ ਇੰਸਟਰੂਮੈਂਟ ਐਕਟ-1881 ਤਹਿਤ ਭਗਵਾਨ ਪਰਸ਼ੂਰਾਮ ਜੈਯੰਤੀ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਪ੍ਰੰਤੂ ਇਸ ਦਿਨ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਜਾ ਸਕਦੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।