ਡੇਰਾਬੱਸੀ 15 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਦਰਸਾਉਂਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਦਿਖਾਈ ਜਾ ਰਹੀ ਹੈ।

ਇਸੇ ਲੜੀ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਕਸੋਲੀ, ਤਸਿੰਬਲੀ ਅਤੇ ਹੰਮਾਯੂਪੁਰ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ ਕਰੀਬ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਵਾਸੀਆਂ ਨੂੰ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਡਾਕੂਮੈਂਟਰੀ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਵਿਚਾਰਧਾਰਾ ਅਤੇ ਉਨ੍ਹਾਂ ਵੱਲੋਂ ਦਿੱਤੇ ਬਰਾਬਰੀ, ਭਾਈਚਾਰੇ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਜਾਣਿਆ।

ਡੇਰਾਬੱਸੀ ਦੇ ਵਿਧਾਇਕ  ਕੁਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਐਲ.ਈ.ਡੀ. ਸਕਰੀਨਾਂ ਰਾਹੀਂ ਪਿੰਡਾਂ ਵਿੱਚ ਡਾਕੂਮੈਂਟਰੀ ਦਿਖਾਉਣ ਦਾ ਮੰਤਵ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਵਿੱਚੋਂ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਨੂੰ ਦੂਰ ਕਰਕੇ ਬਰਾਬਰੀ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਪੂਰੀ ਤਰ੍ਹਾਂ ਸਾਰਥਕ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਡਾਕੂਮੈਂਟਰੀ ਨੂੰ ਜ਼ਰੂਰ ਦੇਖਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।