ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਵਿਚਾਰਧਾਰਾ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ 30 ਮਿੰਟ ਦੀ ਡਾਕੂਮੈਂਟਰੀ ਫਿਲਮ ਐਲ.ਈ.ਡੀ. ਸਕਰੀਨਾਂ ਰਾਹੀਂ ਪਿੰਡ-ਪਿੰਡ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਨਗਲਾ, ਸੀਹਪੁਰ ਅਤੇ ਹੰਡੇਸਰਾ ਵਿਖੇ ਵੀ ਇਹ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ।

ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਸਮਾਜ ਨੂੰ ਬਰਾਬਰਤਾ, ਭਾਈਚਾਰੇ, ਮਿਹਨਤ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਡਾਕੂਮੈਂਟਰੀ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਦਿਖਾਉਣ ਦਾ ਉਦੇਸ਼ ਨੌਜਵਾਨ ਪੀੜ੍ਹੀ ਸਮੇਤ ਆਮ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ।

ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜਿਕ ਬਰਾਬਰੀ ਤੇ ਮਨੁੱਖੀ ਏਕਤਾ ਸਬੰਧੀ ਦਿੱਤੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਇਸ ਡਾਕੂਮੈਂਟਰੀ ਨੂੰ ਦੇਖਿਆ ਜਾ ਰਿਹਾ ਹੈ ਅਤੇ ਇਸ ਉਪਰਾਲੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਵਿਧਾਇਕ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਨੁੱਖਤਾ, ਬਰਾਬਰੀ ਅਤੇ ਆਪਸੀ ਭਾਈਚਾਰੇ ਦੇ ਮਾਰਗ ’ਤੇ ਚੱਲਦਿਆਂ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐਲ.ਈ.ਡੀ. ਸਕਰੀਨ ’ਤੇ ਦਿਖਾਈ ਜਾ ਰਹੀ ਡਾਕੂਮੈਂਟਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਸੰਦੇਸ਼ ਨੂੰ ਸਰਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਨ ਦਾ ਮੌਕਾ ਮਿਲ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।