20 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪਾਲ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026’ ਨੂੰ ਦਿੱਤੀ ਮਨਜ਼ੂਰੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਸਰਕਾਰ ਨੂੰ ਬਹਿਬਲ ਕਲਾਂ ਅਤੇ ਹੋਰ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦੇਣ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਇਹ ਕਾਨੂੰਨ ਪਾਸ ਕਰਨ ਵਿੱਚ ਬਹੁਤ ਦੇਰ ਕਰ ਦਿੱਤੀ ਹੈ, ਪਰ ਹੁਣ ਜਦੋਂ ਬਿੱਲ ਨੂੰ ਮਨਜ਼ੂਰੀ ਮਿਲ ਗਈ ਹੈ ਤਾਂ ਕੋਈ ਬਹਾਨਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੇ ਹਾਲੇ ਤਕਰੀਬਨ 9 ਮਹੀਨੇ ਬਾਕੀ ਹਨ ਅਤੇ ਸਰਕਾਰ ਨੂੰ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨੀ ਚਾਹੀਦੀ ਹੈ।
