7 ਅਕਤੂਬਰ 2024 : ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ’ਚ ਦਲਿਤ ਭਾਈਚਾਰੇ ਨਾਲ ਸਬੰਧਤ ਸਕੂਲ ਅਧਿਆਪਕ, ਉਸ ਦੀ ਪਤਨੀ ਤੇ ਦੋ ਧੀਆਂ ਦੀ ਹੱਤਿਆ ਦੇ ਮਾਮਲੇ ’ਚ ਮੁਲਜ਼ਮ ਚੰਦਨ ਵਰਮਾ ਨੂੰ ਇੱਥੋਂ ਦੀ ਜ਼ਿਲ੍ਹਾ ਜੇਲ੍ਹ ’ਚ ਤਬਦੀਲ ਕਰ ਦਿੱਤਾ ਗਿਆ ਹੈ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਲਵ ਕੁਸ਼ ਕੁਮਾਰ ਨੇ ਜ਼ਿਲ੍ਹਾ ਮੈਜਿਸਟਰੇਟ ਹਰਸ਼ਿਤਾ ਮਾਥੁਰ ਤੇ ਐੱਸਪੀ ਯਸ਼ਵੀਰ ਸਿੰਘ ਤੋਂ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਮਗਰੋਂ ਉਨ੍ਹਾਂ ਪੁਲੀਸ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੋਈ ਲਾਪ੍ਰਵਾਹੀ ਨਹੀਂ ਵਰਤੀ ਗਈ। ਉਨ੍ਹਾਂ ਬਾਅਦ ਵਿੱਚ ਸੁਦਾਮਾਪੁਰ ਪਿੰਡ ਦਾ ਦੌਰਾ ਕਰਕੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇੱਥੇ ਦਸਣਾ ਬਣਦਾ ਹੈ ਕਿ ਵਰਮਾ (35) ਨੂੰ ਪੁਲੀਸ ਨੇ ਬੀਤੇ ਦਿਨ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ।