ਪੰਜਾਬ ਸਰਕਾਰ ਨੇ ਸੂਬੇ ਦੇ ਕੁਝ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਅਧਿਆਪਕਾਂ ਨੂੰ ਇਹ ਦੱਸਣ ਲਈ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਕਿਉਂ ਨਹੀਂ ਰੋਕ ਸਕੇ। ਅੱਜ ਕੱਲ੍ਹ ਪੰਜਾਬ ਵਿੱਚ ਅਧਿਆਪਕ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨਾ ਸਾੜਨ ਬਾਰੇ ਸਮਝਾ ਰਹੇ ਹਨ। ਪਰ ਜੋ ਅਧਿਆਪਕ ਇਹ ਕੰਮ ਪੂਰਾ ਨਹੀਂ ਕਰ ਸਕੇ, ਉਨ੍ਹਾਂ ਨੂੰ ਸਰਕਾਰ ਵੱਲੋਂ ਨੋਟਿਸ ਜਾਰੀ ਕਰਕੇ ਕਾਰਨ ਪੁੱਛਿਆ ਗਿਆ ਹੈ।
ਐਸਡੀਐਮ ਜੀਰਾ ਫ਼ਿਰੋਜ਼ਪੁਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਲਿਖਿਆ ਹੈ, “ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਪੈਦਾ ਕਰਨ ਦਾ ਕੰਮ ਸੌਂਪਿਆ ਗਿਆ ਹੈ, ਜਿਨ੍ਹਾਂ ਪਿੰਡਾਂ ਵਿੱਚ ਤੁਹਾਨੂੰ ਇਹ ਕੰਮ ਦਿੱਤਾ ਗਿਆ ਹੈ, ਉਨ੍ਹਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਾਰ-ਵਾਰ ਸਾਹਮਣੇ ਆ ਰਹੇ ਹਨ। ਅਜਿਹਾ ਲਗਦਾ ਹੈ ਕਿ ਤੁਸੀਂ ਆਪਣੀ ਡਿਊਟੀ ਇਮਾਨਦਾਰੀ ਨਾਲ ਨਹੀਂ ਨਿਭਾ ਰਹੇ, ਇਸ ਲਈ ਜੇਕਰ ਤੁਸੀਂ ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਸ ਨੂੰ ਲਿਖਤੀ ਰੂਪ ਵਿਚ ਪੇਸ਼ ਕਰ ਸਕਦੇ ਹੋ। ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।”
ਫ਼ਿਰੋਜ਼ਪੁਰ ਵਿੱਚ ਜਾਰੀ ਨੋਟਿਸ
ਇਹ ਨੋਟਿਸ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਜਾਰੀ ਕੀਤਾ ਗਿਆ ਹੈ। ਇਸ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ 497 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ 297 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੇ 497 ਮਾਮਲੇ ਸਾਹਮਣੇ ਆ ਚੁੱਕੇ ਹਨ। ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਕੀਤੀ ਗਈ ਹੈ। ਇਸ ਕਾਰਨ ਕਿਸਾਨ ਦੋ ਸੀਜ਼ਨਾਂ ਲਈ ਈ-ਖਰੀਦ ਪੋਰਟਲ ‘ਤੇ ਆਪਣੀ ਉਪਜ ਨਹੀਂ ਵੇਚ ਸਕਣਗੇ।