ਨਵਾਂਸ਼ਹਿਰ, 26 ਜਨਵਰੀ, 2024 (ਪੰਜਾਬੀ ਖ਼ਬਰਨਾਮਾ)
ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਇਕੱਤਰ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ।
ਉਨ੍ਹਾਂ ਕਿਹਾ ਕਿ ਜਮਹੂਰੀਅਤ ਨੂੰ ਸਹੀ ਅਰਥਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਲਾਗੂ ਕੀਤਾ ਜਾ ਸਕਦਾ ਹੈ, ਜਿਸ ਲਈ ਸਾਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਕੰਮਾਂ ਪ੍ਰਤੀ ਸੰਜੀਦਾ ਪਹੁੰਚ ਰੱਖਣੀ ਚਾਹੀਦੀ ਹੈ।
ਇਸ ਮੌਕੇ ਏ ਐਸ ਆਈ ਕਮਲਰਾਜ ਦੀ ਅਗਵਾਈ ’ਚ ਆਈ ਪੁਲਿਸ ਟੁਕੜੀ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਦਕਿ ਗਰਿਪਸ ਸਕੂਲ ਮੱਲਪੁਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਦਾ ਗਾਇਨ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸਮੂਹ ਕਰਮਚਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਬੱਚਿਆਂ ਨੂੰ ਲੱਡੂ ਵੰਡ ਕੇ 75ਵੇਂ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਗਈਆਂ।
ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਨਗਰ ਕੌਂਸਲ ਨਵਾਂਸ਼ਹਿਰ ਦੇ ਦਫਤਰ ਵਿਖੇ ਕੌਂਮੀ ਝੰਡਾ ਲਹਿਰਾਇਆ| ਇਸ ਮੌਕੇ ਤੇ ਉਨ੍ਹਾਂ ਨਾਲ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਮਾਰਕਿਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ ਅਤੇ ਨਗਰ ਕੌਂਸਲ ਦਫਤਰ ਦਾ ਸਟਾਫ ਵੀ ਸੀ। ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ|