Restrictions

ਫਿਰੋਜ਼ਪੁਰ, 06 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਹਿੱਤ ਵਿੱਚ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਜਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵਹੀਕਲ ਚਲਾਉਣ ਅਤੇ ਮੁੰਹ ਢੱਕ ਕੇ ਪੈਦਲ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਚਿਹਰਾ ਢੱਕ ਕੇ ਚੱਲਣ ਨਾਲ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਸੰਗੀਨ ਵਰਦਾਤ ਨੂੰ ਅੰਜ਼ਾਮ ਦੇ ਕੇ ਪੁਲਿਸ ਦੀ ਪਕੜ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੋਗੀ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ‘ਤੇ, ਰਾਹ ‘ਤੇ, ਸੜਕ ਜਾਂ ਚੌਂਕ ‘ਤੇ ਬਿਨਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਚੌਕਾਂ ਜਾਂ ਮੁੱਖ ਸੜਕਾਂ ਤੇ ਹੋਰਡਿੰਗਜ਼ ਲਗਾ ਦਿੱਤੇ ਜਾਂਦੇ ਹਨ, ਇਹ ਹੋਰਡਿੰਗਜ਼ ਅਜਿਹੀਆਂ ਥਾਵਾਂ ’ਤੇ ਲਗਾ ਦਿੱਤੇ ਜਾਂਦੇ ਹਨ ਜਿਸ ਨਾਲ ਟਰੈਫ਼ਿਕ ਵਿਚ ਵਿਘਨ ਪੈਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਹੋਰਡਿੰਗਜ਼ ‘ਤੇ ਕਿਸੇ ਤਰ੍ਹਾਂ ਦੀ ਗ਼ਲਤ ਭਾਸ਼ਾ ਲਿਖੀ ਜਾਣ ‘ਤੇ ਵੱਖ-ਵੱਖ ਫ਼ਿਰਕਿਆਂ ਦੇ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਪੈਦਾ ਹੋ ਜਾਂਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖ਼ਦਸ਼ਾ ਬਣ ਜਾਂਦਾ ਹੈ। ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਜਾਇਜ ਕਬਜਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਤਾ ਵਧਦੀ ਅਤੇ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ।

ਇਸੇ ਤਰ੍ਹਾਂ ਇਕ ਹੋਰ ਹੁਕਮ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਧੀਕ ਪ੍ਰਧਾਨ ਮੁੱਖ ਵਣ ਪਾਲ (ਜੰ:ਜੀ) ਅਤੇ ਮੁੱਖ ਜੰਗਲੀ ਜੀਵ ਵਾਰਡਨ, ਪੰਜਾਬ ਐਸ.ਏ.ਐਸ ਨਗਰ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਅੱਜ-ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਨਾਈਲੋਨ ਤੋਂ ਬਣੀ /ਚਾਈਨੀਜ /ਸੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ /ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗੱਲ ਅਤੇ ਕੰਨ ਕੱਟ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਨਾਈਲੋਨ /ਸੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਹੋਏ ਧਾਗੇ) ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ/ਸੰਥੈਟਿਕ/ਪਲਾਸਟਿਕ (ਕੰਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ ਤੇ ਮੀਟਿੰਗ ਕਰਨਾ ਆਦਿ ਦੇ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ ਦੇ ਜਵਾਨ, ਹਰ ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ  ਜਲੂਸ, ਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।