ਅੰਮ੍ਰਿਤਸਰ, 03 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਵੋਟਿੰਗ ਦੁਆਰਾ ਪ੍ਰਧਾਨ ਚੁਣਨ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ । ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਵਿਚਕਾਰ ਮੁਕਾਬਲਾ ਸੀ। ਤੇ ਇਸ ਮੁਕਾਬਲੇ ਵਿਚ ਧਾਮੀ ਜੇਤੂ ਰਹੇ। ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਬਣੇ ਹਨ। ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਚੁਣੇ ਗਏ ਹਨ। ਇਹ ਚਾਰੇ ਅਹੁਦੇਦਾਰ ਮੁੜ ਉਸੇ ਅਹੁਦਿਆਂ ਉਤੇ ਤੈਨਾਤ ਕੀਤੇ ਗਏ ਹਨ।
ਦੱਸ ਦੇਈਏ ਕਿ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ 136 ਵੋਟਾਂ ਪਈਆਂ। ਇਨ੍ਹਾਂ ਵਿਚੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿਚ 117 ਵੋਟਾਂ ਭੁਗਤੀਆਂ ਜਦਕਿ ਮਿੱਠੂ ਸਿੰਘ ਕਾਹਨੇਕੇ ਨੂੰ ਸਿਰਫ਼ 18 ਵੋਟਾਂ ਹੀ ਪਈਆਂ । ਇਸ ਦੇ ਨਾਲ ਹੀ ਸਿਰਫ਼ ਇਕ ਵੋਟ ਹੀ ਰੱਦ ਹੋਈ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ।ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨ ਲਈ ਪਹੁੰਚੇ। ਇਸ ਜਨਰਲ ਇਜਲਾਸ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਈ l
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਨੇ ਮੈਂਬਰਾਂ ਦੀ ਰਾਏ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਦੇ ਉਮੀਦਵਾਰ ਵਜੋਂ ਇਸ ਚੋਣ ਲਈ ਉਤਾਰਿਆ ਸੀ । ਉਨ੍ਹਾਂ ਦੀ ਇਸ ਉਮੀਦ ਨੂੰ ਧਾਮੀ ਨੇ ਪੂਰਾ ਕੀਤਾ ਹੈ। ਇਹ ਜਿੱਤ ਮੈਂਬਰਾਂ ਵਿਚ ਉਨ੍ਹਾਂ ਦੀ ਮਕਬੂਲੀਅਤ ਦੀ ਪ੍ਰਤੀਕ ਹੈ।
ਇਜਲਾਸ ਵਿੱਚ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਰਘੁਜੀਤ ਸਿੰਘ ਵਿਰਕ, ਗੁਰਚਰਨ ਸਿੰਘ ਗਰੇਵਾਲ ਸਮੇਤ 100 ਤੋਂ ਵੱਧ ਮੈਂਬਰ ਪਹੁੰਚੇ । ਇਜਲਾਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵੀ ਸ਼ਾਮਿਲ ਹੋਣ ਲਈ ਪਹੁੰਚੇ ਹਨ |
