ਅੰਮ੍ਰਿਤਸਰ 20 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ। ਇਸ ਦੀ ਤਾਈਦ ਅਰਵਿੰਦਰ ਪਾਲ ਸਿੰਘ ਪੱਖੋਕੇ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੀਤੀ ਗਈ। ਮੈਂਬਰਾਂ ਨੇ ਸਰਬਸੰਮਤੀ ਨਾਲ ਮਤੇ ਨੂੰ ਪ੍ਰਵਾਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ। ਇਸ ਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਵਿਰੋਧੀ ਧਿਰ ਵੱਲੋਂ ਪ੍ਰਧਾਨਗੀ ਦੇ ਅਹੁਦੇ ਲਈ ਕਿਸੇ ਹੋਰ ਉਮੀਦਵਾਰ ਦਾ ਨਾਮ ਪੇਸ਼ ਨਾ ਕੀਤੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਵੱਲੋਂ ਪੇਸ਼ ਕੀਤੇ ਉਮੀਦਵਾਰ ਲਗਾਤਾਰ ਸਰਬਸੰਮਤੀ ਨਾਲ ਚੁਣੇ ਜਾ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਰਘੂਜੀਤ ਸਿੰਘ ਵਿਰਕ ਦੇ ਨਾਮ ਦੀ ਪੇਸ਼ਕਸ਼ ਸੁਖਪਾਲ ਸਿੰਘ ਤਲਵੰਡੀ ਵੱਲੋਂ ਕੀਤੀ ਗਈ, ਜਿਸ ਦੀ ਤਾਈਦ ਹਰਪਾਲ ਸਿੰਘ ਜਲਾ ਅਤੇ ਭਾਈ ਫੂਮਨ ਸਿੰਘ ਵੱਲੋਂ ਕੀਤੀ ਗਈ। ਇਸ ਉਪਰੰਤ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਲਈ ਗੁਰਪ੍ਰੀਤ ਸਿੰਘ ਝੱਬਰ ਨੂੰ ਚੁਣਿਆ ਗਿਆ। ਉਨ੍ਹਾਂ ਦੇ ਨਾਮ ਦੀ ਪੇਸ਼ਕਸ਼ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਕੀਤੀ ਗਈ, ਜਦਕਿ ਇਸ ਦੀ ਤਾਈਦ ਗੁਰਬਚਨ ਸਿੰਘ ਕਰਮੂਵਾਲਾ ਅਤੇ ਭਾਈ ਗੁਰਪ੍ਰੀਤ ਸਿੰਘ ਰੂਹੀ ਵੱਲੋਂ ਕੀਤੀ ਗਈ। ਗੁਰਪ੍ਰੀਤ ਸਿੰਘ ਝੱਬਰ ਬਿਨਾਂ ਮੁਕਾਬਲਾ ਜੇਤੂ ਰਹੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਚੁਣੇ ਗਏ ਮੈਂਬਰਾਂ ਵਿੱਚ ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਭਿੱਟੇਵੱਡ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕੋਹਣੀ, ਬੀਬੀ ਪਰਮਜੀਤ ਕੌਰ, ਰਵਿੰਦਰ ਸਿੰਘ, ਦਰਸ਼ਨ ਸਿੰਘ, ਚਰਨ ਸਿੰਘ, ਗੁਰਿੰਦਰ ਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨਸੂਪੁਰ ਅਤੇ ਨਰਿੰਦਰ ਕੌਰ ਸ਼ਾਮਲ ਹਨ। ਇਹ ਚੋਣ ਸਰਬਸੰਮਤੀ ਨਾਲ ਹੋਈ ਅਤੇ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਦੇ ਸਾਰੇ ਉਮੀਦਵਾਰ ਚੁਣੇ ਗਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਇਜਲਾਸ 12 ਵਜੇ ਸ਼ੁਰੂ ਹੋ ਗਿਆ ਸੀ। ਜਿਸ ਵਿੱਚ ਸ਼ਾਮਿਲ ਹੋਣ ਲਈ ਮੈਂਬਰਾਂ ਦੀ ਆਮਦ ਹੋਈ ਹੈ।
