ਲੁਧਿਆਣਾ 17 ਜੂਨ 2024 (ਪੰਜਾਬੀ ਖਬਰਨਾਮਾ) : ਅੰਬਰੋਂ ਵਰਦੀ ਅੱਗ ਨੇ ਲੋਕਾਂ ਨੂੰ ਘਰਾਂ ਵਿੱਚ ਕੈਦ ਕਰਕੇ ਰੱਖ ਦਿੱਤਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਐਤਵਾਰ ਨੂੰ ਮਹਾਂਨਗਰ ਲੁਧਿਆਣਾ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 47.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਦੇ ਲੋਕਾਂ ਨੂੰ ਅਜੇ ਹੋਰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਾਰੇ ਜ਼ਿਲ੍ਹੇ 42 ਡਿਗਰੀ ਨੂੰ ਪਾਰ ਕਰ ਰਹੇ ਹਨ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦੋਂਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦਰਜ ਕੀਤੇ ਗਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਜਰੂਰੀ ਨਾ ਹੋਵੇ ਤਾਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਘਰਾਂ ਤੋਂ ਬਾਹਰ ਨਾ ਜਾਇਆ ਜਾਵੇ। ਜਿੰਨਾ ਹੋ ਸਕੇ ਤਰਲ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ, ਕੋਸ਼ਿਸ਼ ਕਰੋ ਕਿ ਏਸੀ ਵਿੱਚ ਬੈਠਣ ਤੋਂ ਤੁਰੰਤ ਬਾਅਦ ਧੁੱਪ ਵਿਚ ਨਾ ਜਾਓ, ਧੁੱਪ ‘ਚ ਨਿਕਲਣ ਤੋਂ ਪਹਿਲਾਂ ਹਮੇਸ਼ਾ ਆਪਣੇ ਸਿਰ ਨੂੰ ਢੱਕ ਕੇ ਰੱਖੋ। ਮੌਸਮ ਵਿਭਾਗ ਦੀ ਮੰਨੀਏ ਤਾਂ 29 ਜੂਨ ਤੋਂ ਬਾਅਦ ਮੌਨਸੂਨ ਦੇ ਦਿੱਲੀ-ਐਨਸੀਆਰ ਪਹੁੰਚਣ ਦੀ ਸੰਭਾਵਨਾ ਹੈ।