ਅੰਮ੍ਰਿਤਸਰ(ਪੰਜਾਬੀ ਖ਼ਬਰਨਾਮਾ): ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਦੇ ਐਲਾਨ ਤੋਂ ਬਾਅਦ ਅੱਜ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਰਿਵਾਰ ਨੇ ਜਿੱਥੇ  ਅੱਜ ਚੋਣ ਮੁਹਿੰਮ ਦਾ ਆਗਾਜ਼ ਕੀਤਾ, ਓਥੇ ਹੀ ਜੇਲ੍ਹ ‘ਚ ਬੰਦ ਸਿੰਘਾਂ ਦੀ ਰਿਹਾਈ ਲਈ ਦਰਬਾਰ ਸਾਹਿਬ ਦੇ ਰਸਤੇ ਵਿੱਚ ਚੱਲ ਰਹੇ ਪੱਕੇ ਮੋਰਚੇ ਨੂੰ ਵੀ ਚੋਣ ਮੁਹਿੰਮ ਦੇ ਚੱਲਦਿਆਂ ਖਤਮ ਕਰ ਦਿੱਤਾ ਗਿਆ।

ਪਰਿਵਾਰ ਨੇ ਕਿਹਾ ਕਿ ਅੱਜ ਗੁਰੂ ਘਰ ਨਤਮਸਤਕ ਹੋ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਹੁਣ ਸਾਰਾ ਪਰਿਵਾਰ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਖਡੂਰ ਸਾਹਿਬ ਲੋਕ ਸਭਾ ਚੋਣ ਲਈ ਹਲਕੇ ਦੇ ਵੱਖ – ਵੱਖ ਪਿੰਡਾਂ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਦਾ ਕਹਿਣਾ ਹੈ ਕਿ ਜਿੱਥੇ ਲਗਾਤਾਰ ਬੰਦੀ ਸਿੰਘਾਂ ਅਤੇ ਡਿਬਰੂਗੜ੍ਹ ਜੇਲ ਚ ਬੰਦ ਨੌਜਵਾਨਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਓਥੇ ਹੀ ਇਨ੍ਹਾਂ ਲੋਕ ਸਭਾ ਚੋਣਾਂ ਚ ਸਿਮਰਨਜੀਤ ਸਿੰਘ ਮਾਨ ਅਤੇ ਅੰਮ੍ਰਿਤਪਾਲ ਸਿੰਘ ਜਿੱਤ ਹਾਸਿਲ ਕਰਨ ਮਗਰੋਂ ਦੇਸ਼ ਦੇ ਸੰਸਦ ਵਿੱਚ ਵੀ ਇਹ ਲੜਾਈ ਜਾਰੀ ਰੱਖਣਗੇ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ ਦੇ ਅੰਦਰੋਂ ਹੀ ਚੋਣ ਲੜਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕਰ ਦਿੱਤਾ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਚੋਣ ਲੜਨਗੇ ਤਾਂ ਉਨ੍ਹਾਂ ਦੀ ਪਾਰਟੀ ਵੱਲੋ। ਕੋਈ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਜਾਵੇਗਾ। ਹਾਲਾਂਕਿ ਮਾਨੀ ਦੀ ਪਾਰਟੀ ਵੱਲੋਂ ਇਸ ਸੀਟ ਤੋਂ ਹਰਪਾਲ ਸਿੰਘ ਬਲੇਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਸੀ। ਪਰ ਅੰਮ੍ਰਿਤਪਾਲ ਸਿੰਘ ਦੇ ਐਲਾਨ ਤੋਂ ਬਾਅਦ ਉਨ੍ਹਾਂ ਆਪਣੀ ਉਮਦੀਵਾਰੀ ਵਾਪਿਸ ਲਈ ਅਤੇ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਨ ਦਾ ਵੀ ਐਲਾਨ ਕੀਤਾ।

ਦੂਜੇ ਪਾਸੇ ਜੇਕਰ ਬਾਕੀ ਸਿਆਸੀ ਪਾਰਟੀਆਂ ਦੀ ਗੱਲ ਕਰੀਏ ਤਾਂ ਅਕਾਲੀ ਦਲ ਬਾਦਲ ਵੱਲੋਂ ਵਿਰਸਾ ਸਿੰਘ ਵਲਟੋਹਾ, ਕਾਂਗਰਸ ਵੱਲੋਂ ਕੁਲਬੀਰ ਸਿੰਘ ਜ਼ੀਰਾ ਅਤੇ ਆਮ ਆਦਮੀ ਪਾਰਟੀ ਵੱਲੋਂ ਲਾਲਜੀਤ  ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।