ਮਾਲੇਰਕੋਟਲਾ , 16 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮਾਲੇਰਕੋਟਲਾ ਜ਼ਿਲ੍ਹੇ ਵਿਚ 17 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ ਮਾਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦੀ ਸਮਾਰਕ ਜਿੱਥੇ 66 ਕੂਕਿਆਂ ਨੂੰ ਅੰਗਰੇਜ਼ਾਂ ਵੱਲੋਂ ਅੰਦੋਲਨ ਕਰਨ ਦੇ ਵਿਰੋਧ ਵਿੱਚ ਤੋਪਾਂ ਅੱਗੇ ਖੜ੍ਹਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਕੂਕਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਰ ਸਾਲ ਰਾਜ ਪੱਧਰੀ ਸ਼ਹੀਦੀ ਸਮਾਗਮ ਮਲੇਰਕੋਟਲਾ ਵਿਖੇ ਕਰਵਾਇਆਂ ਜਾਂਦਾ ਹੈ। 17 ਜਨਵਰੀ ਨੂੰ ਕਰਵਾਏ ਜਾ ਰਹੇ ਇਸ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਡੀਸੀ ਮਾਲੇਰਕੋਟਲਾ ਡਾਕਟਰ ਪੱਲਵੀ ਵੱਲੋਂ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪੱਲਵੀ ਨੇ ਇਸ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਤਹਿਤ ਦਿੱਤੀ ਜਾਵੇਗੀ।
ਡੀਸੀ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ-ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿਚ 17 ਜਨਵਰੀ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਤਾਂਜੋ ਲੋਕ ਇਸ ਸਮਾਰੋਹ ਵਿਚ ਹਿੱਸਾ ਲੈ ਸਕਣ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਹਾਲਾਂਕਿ ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਪਰ ਲਾਗੂ ਨਹੀਂ ਹੋਣਗੇ।
ਉਧਰ, ਮਾਨਸਾ ਜ਼ਿਲ੍ਹੇ ਵਿਚ 18 ਜਨਵਰੀ ਸ਼ਨੀਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿਚ ਆਇਆ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 18 ਜਨਵਰੀ 2025 ਨੂੰ ਸਵੇਰੇ 11.30 ਤੋਂ 1.30 ਵਜੇ ਤੱਕ 6ਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਪ੍ਰੀਖਿਆ ਲਈ ਨਿਰਧਾਰਤ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਦਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿਚ ਹੋਵੇਗੀ।