30 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।
ਇਸ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀ.ਏ. ਤਲਬੀਰ ਸਿੰਘ ਗਿੱਲ ਵੱਲੋਂ ਵਿਜੀਲੈਂਸ ਕੋਲ ਆਪਣੇ ਬਿਆਨ ਦਰਜ ਕਰਵਾਏ ਗਏ ਹਨ। ਵਿਜੀਲੈਂਸ ਅਧਿਕਾਰੀਆਂ ਦੇ ਦੱਸਣ ਅਨੁਸਾਰ, ਗਵਾਹਾਂ ਦੇ ਬਿਆਨਾਂ ਤੋਂ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਮਿਲੀ ਹੈ, ਜੋ ਮਾਮਲੇ ਦੀ ਜਾਂਚ ਵਿੱਚ ਕਾਫੀ ਮਦਦਗਾਰ ਸਾਬਤ ਹੋ ਸਕਦੀ ਹੈ।
ਵਿਜੀਲੈਂਸ ਦੀ ਟੀਮ ਬਿਕਰਮ ਸਿੰਘ ਮਜੀਠੀਆ ਨੂੰ ਪੁਛਗਿੱਛ ਅਤੇ ਤਸਦੀਕ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਥਾਵਾਂ ‘ਤੇ ਲੈ ਕੇ ਜਾਵੇਗੀ। ਇਸ ਲਈ ਵਿਜੀਲੈਂਸ ਬਿਊਰੋ ਦੀ ਟੀਮ ਕਈ ਵਾਹਨਾਂ ਦੇ ਕਾਫਲੇ ਸਮੇਤ ਰਵਾਨਾ ਹੋ ਗਈ ਹੈ।
ਵਿਜੀਲੈਂਸ ਬਿਊਰੋ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਤਸਦੀਕੀ ਦੌਰੇ ਜਾਂਚ ਦੀ ਪ੍ਰਕਿਰਿਆ ਵਿੱਚ ਇਕ ਮਹੱਤਵਪੂਰਨ ਪੜਾਅ ਸਾਬਤ ਹੋਣਗੇ।
ਸੰਖੇਪ: ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜਾਂਚ ਤੇਜ਼ ਕਰਦਿਆਂ ਮਜੀਠੀਆ ਨੂੰ ਪੁੱਛਗਿੱਛ ਲਈ ਹਿਮਾਚਲ ਲੈ ਜਾ ਰਹੀ ਹੈ।