ਅੰਮ੍ਰਿਤਸਰ, 05 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ ’ਚ ਬਾਬਾ ਸਤਿੰਦਰ ਸਿੰਘ ਮੁਕੇਰੀਆਂ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਦੁਆਰਾ ਸਾਹਿਬ ’ਤੇ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸ਼ਹਿ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਧਾਰਮਿਕ ਅਸਥਾਨਾਂ ਨਾਲ ਸਬੰਧਤ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਤੋਂ ਦੂਰ ਰਹਿਣ ਦੀ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡ ਰੁਮਾਣਾ ਚੱਕ ਦੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬਾ ਸਤਿੰਦਰ ਸਿੰਘ ਮੁਕੇਰੀਆਂ ਵਾਲਿਆਂ ਵੱਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ, ਜਦਕਿ ਸਰਕਾਰ ਆਪਣੇ ਕਰਿੰਦਿਆਂ ਨੂੰ ਪ੍ਰਬੰਧ ’ਤੇ ਕਾਬਜ਼ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਵਿਰੋਧ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਵੀ ਸੰਗਤ ਦਾ ਸਹਿਯੋਗ ਨਾ ਕਰਨਾ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਸਰਪੰਚ ਦੀ ਧੱਕੇਸ਼ਾਹੀ ਦੀ ਹਮਾਇਤ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਸ਼ਕਤੀ ਨਾਲ ਜਬਰੀ ਕਬਜ਼ਾ ਦਿਵਾਉਣ ਦੀ ਕੋਸ਼ਿਸ਼ ਸਿੱਖ ਸੰਗਤਾਂ ਦੇ ਮਨਾਂ ਅੰਦਰ ਰੋਸ ਪੈਦਾ ਕਰ ਰਹੀ ਹੈ, ਜਿਸ ਨੂੰ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ।
