ਮੋਹਾਲੀ 23 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਸ਼ੁੱਕਰਵਾਰ ਨੂੰ ਵੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਲਗਪਗ 5,000 ਮੁਲਾਜ਼ਮ ਮੋਹਾਲੀ ‘ਚ ਇਕੱਠੇ ਹੋ ਕੇ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨਗੇ। ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ, ਟਰਾਂਸਪੋਰਟ ਮੰਤਰੀ ਅਤੇ ਹੋਰ ਮੰਤਰੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਮੁਲਾਜ਼ਮਾਂ ਦੀ ਮੁੱਖ ਮੰਗ ਉਨ੍ਹਾਂ ਨੂੰ ਪੱਕਾ ਕਰਨ ਦੀ ਹੈ। ਇਸ ਤੋਂ ਇਲਾਵਾ ਉਹ ਹੋਰ ਮੰਗਾਂ ਨੂੰ ਵੀ ਪੂਰਾ ਕਰਨ ਦੀ ਮੰਗ ਕਰ ਰਹੇ ਹਨ।
ਪੁਲਿਸ ਨੇ ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
ਮੁਲਾਜ਼ਮਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੰਭਾਵਨਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਮੋਹਾਲੀ ‘ਚ ਹੀ ਰੋਕਿਆ ਜਾ ਸਕਦਾ ਹੈ। ਮੁਲਾਜ਼ਮਾਂ ਦੇ ਮਾਰਚ ਕਾਰਨ ਮੋਹਾਲੀ ਅਤੇ ਚੰਡੀਗੜ੍ਹ ਦੇ ਕਈ ਰਸਤਿਆਂ ‘ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਕਾਰਨ ਵਾਹਨ ਚਾਲਕਾਂ ਨੂੰ ਟ੍ਰੈਫਿਕ ਜਾਮ ਅਤੇ ਰੂਟ ਡਾਇਵਰਸ਼ਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੜਤਾਲ ਕਾਰਨ ਬੱਸ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
10 ਤੋਂ 15 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ
ਯੂਨੀਅਨ ਆਗੂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਡਰਾਈਵਰ ਅਤੇ ਕੰਡਕਟਰ ਪਿਛਲੇ 10 ਤੋਂ 15 ਸਾਲਾਂ ਤੋਂ ਠੇਕੇ ‘ਤੇ ਕੰਮ ਕਰ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਮੁਲਾਜ਼ਮਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਵੀ ਠੇਕੇ ‘ਤੇ ਲਿਆਂਦਾ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮ ਆਊਟਸੋਰਸਿੰਗ ਦੀ ਪ੍ਰਥਾ ਖ਼ਤਮ ਕਰਨ ਅਤੇ ਪ੍ਰਦਰਸ਼ਨਾਂ ਦੌਰਾਨ ਦਰਜ ਕੀਤੇ ਗਏ ਪੁਲਿਸ ਕੇਸ ਵਾਪਸ ਲੈਣ ਦੀ ਮੰਗ ਵੀ ਕਰ ਰਹੇ ਹਨ।
ਇਨ੍ਹਾਂ ਰਸਤਿਆਂ ‘ਤੇ ਆਵਾਜਾਈ ਹੋ ਸਕਦੀ ਹੈ ਪ੍ਰਭਾਵਿਤ
ਮੁਲਾਜ਼ਮਾਂ ਦੇ ਮਾਰਚ ਕਾਰਨ ਮੋਹਾਲੀ ਬੱਸ ਸਟੈਂਡ, ਮੋਹਾਲੀ-ਜ਼ੀਰਕਪੁਰ ਮੰਡੀ ਚੌਕ, ਡੀਐੱਮਸੀ, ਸੈਕਟਰ-38, ਸ਼ਾਹਪੁਰ ਅਤੇ ਚੰਡੀਗੜ੍ਹ ਦੇ ਸੈਕਟਰ-25, ਸੈਕਟਰ-28, ਸੈਕਟਰ-14, ਸੈਕਟਰ-15 ਅਤੇ ਸੈਕਟਰ-24/25 ਚੌਕ ਨੇੜੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪ੍ਰਦਰਸ਼ਨਕਾਰੀ ਸੈਕਟਰ-2 ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੀ ਜਾਣ ਦੀ ਕੋਸ਼ਿਸ਼ ਕਰ ਸਕਦੇ ਹਨ।
ਵਾਹਨ ਚਾਲਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਰਸਤਿਆਂ ‘ਤੇ ਜਾਣ ਤੋਂ ਪਹਿਲਾਂ ਟ੍ਰੈਫਿਕ ਸਬੰਧੀ ਜਾਣਕਾਰੀ ਲੈਣ, ਪੁਲਿਸ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਵਾਧੂ ਸਮਾਂ ਲੈ ਕੇ ਚੱਲਣ।
