ਨਵੀਂ ਦਿੱਲੀ, 06 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਬੰਗਲਾਦੇਸ਼ ਸਰਕਾਰ ਨੇ ਨਵੀਂ ਦਿੱਲੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸਰਕਾਰ ਨੇ ਇੱਕ ਬਿਆਨ ਜਾਰੀ ਕਰਦਿਆਂ ਇਸ ਘਟਨਾ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਬੰਗਲਾਦੇਸ਼ ਸਰਕਾਰ ਨੇ ਆਪਣੇ ਬਿਆਨ ਵਿੱਚ ਕਿਹਾ, “ਬੰਗਲਾਦੇਸ਼ ਇਸ ਗੱਲ ਤੋਂ ਨਾਰਾਜ਼ ਹੈ ਕਿ ਭਗੌੜੇ ਦੋਸ਼ੀ ਅਤੇ ਨਸਲਕੁਸ਼ੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਸ਼ੇਖ ਹਸੀਨਾ ਨੂੰ 5 ਅਗਸਤ ਦੀ ਸ਼ਾਮ ਨਵੀਂ ਦਿੱਲੀ ਵਿੱਚ ਮੀਡੀਆ ਨਾਲ ਲਾਈਵ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਗਈ, ਜਿੱਥੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਬੰਗਲਾਦੇਸ਼ ਅਤੇ ਉਸ ਦੇ ਲੋਕਾਂ ਵਿਰੁੱਧ ਜ਼ਹਿਰੀਲੀਆਂ ਟਿੱਪਣੀਆਂ ਕੀਤੀਆਂ।”

ਬੰਗਲਾਦੇਸ਼ ਸਰਕਾਰ ਨੇ ਇਸ ਘਟਨਾ ਨੂੰ ਗੰਭੀਰ ਮੰਨਦਿਆਂ ਭਾਰਤ ਅੱਗੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਇਹ ਬਿਆਨ ਦੋਵਾਂ ਦੇਸ਼ਾਂ ਦੇ ਕੂਟਨੀਤਿਕ ਸਬੰਧਾਂ ਦੇ ਮੱਦੇਨਜ਼ਰ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਕਿ ਬੀਤੇ ਦਿਨ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੋ ਸਾਲਾਂ ਬਾਅਦ ਬੁੱਧਵਾਰ ਨੂੰ ਵਰਚੁਅਲੀ ਰਾਸ਼ਟਰ ਨੂੰ ਸੰਬੋਧਨ ਕੀਤਾ। ਜਦੋਂ ਉਹ ਬੋਲ ਰਹੀ ਸੀ ਤਾਂ ਉਨ੍ਹਾਂ ਦਾ ਕੈਮਰਾ ਬੰਦ ਸੀ। ਆਪਣੇ 25 ਮਿੰਟ ਦੇ ਭਾਸ਼ਣ ਵਿੱਚ, ਉਨ੍ਹਾਂ ਨੇ ਕਿਹਾ: ਮੈਂ ਜਾਣਦੀ ਹਾਂ ਕਿ ਉਹ ਮੈਨੂੰ ਜੇਲ੍ਹ ਵਿੱਚ ਸੁੱਟ ਸਕਦੇ ਹਨ ਜਾਂ ਮਾਰ ਵੀ ਸਕਦੇ ਹਨ, ਪਰ ਮੈਂ ਦਸੰਬਰ ਵਿੱਚ ਬੰਗਲਾਦੇਸ਼ ਵਾਪਸ ਜਾਵਾਂਗੀ। ਲੋਕਾਂ ਦਾ ਸਮਰਥਨ ਮੇਰੇ ਲਈ ਬਹੁਤ ਮਹੱਤਵਪੂਰਨ ਹੈ। ਮੌਤ ਦੀ ਸਜ਼ਾ, ਝੂਠੇ ਮਾਮਲੇ ਅਤੇ ਝੂਠੇ ਮੁਕੱਦਮੇ ਮੈਨੂੰ ਨਹੀਂ ਰੋਕ ਸਕਣਗੇ। ਮੇਰੇ ਵਿਰੁੱਧ ਕਾਨੂੰਨੀ ਕਾਰਵਾਈ ਗੈਰ-ਕਾਨੂੰਨੀ, ਗੈਰ-ਸੰਵਿਧਾਨਕ ਅਤੇ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਹੈ।

ਉੱਥੇ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਜਿਸ ਪ੍ਰੋਗਰਾਮ ਦਾ ਤੁਸੀਂ ਜ਼ਿਕਰ ਕਰ ਰਹੇ ਹੋ, ਉਹ ਇੱਕ ਨਿੱਜੀ ਮੀਡੀਆ ਸੰਗਠਨ ਦੁਆਰਾ ਆਯੋਜਿਤ ਕੀਤਾ ਜਾ ਰਿਹਾ ਹੈ। ਭਾਰਤ ਸਰਕਾਰ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਹੈ। ਸਰਕਾਰ ਇਸ ਪ੍ਰੋਗਰਾਮ ਵਿੱਚ ਪ੍ਰਗਟ ਕੀਤੇ ਗਏ ਕਿਸੇ ਵੀ ਵਿਚਾਰ ਦਾ ਸਮਰਥਨ ਨਹੀਂ ਕਰਦੀ ਹੈ।”

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।