13 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਸਬੰਧੀ ਕਾਨੂੰਨ ਬਣਾਉਣ ਲਈ ਅੱਜ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਹਾਲੀ ਦੇ ਫੇਜ਼ ਅੱਠ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਵੀ ਨਾਲ ਮੌਜੂਦ ਰਹੇ।
ਇਸ ਦੌਰਾਨ ਸਪੀਕਰ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰਿਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਸੰਧਵਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਹੋ ਰਹੇ ਵਿਸ਼ੇਸ਼ ਇਜਲਾਸ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੇਸ਼ ਹੋਣ ਵਾਲੇ ਬਿੱਲ ਦੀ ਸੰਪੂਰਨਤਾ ਅਤੇ ਸੈਸ਼ਨ ਦੀ ਕਾਰਵਾਈ ਸੁਚੱਜੇ ਢੰਗ ਨਾਲ ਚਲਾਉਣ ਦੀ ਸੇਵਾ ਬਖਸ਼ਣ ਲਈ ਅਰਦਾਸ ਕੀਤੀ ਗਈ ਹੈ।
ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਆਏ ਸ਼ਰਧਾਲੂਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬਿੱਲ ਨੂੰ ਲੈ ਕੇ ਉਠਾਏ ਜਾ ਰਹੇ ਸਵਾਲਾਂ ‘ਤੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ, ਉਦੋਂ ਉਨ੍ਹਾਂ ਨੇ ਅਜਿਹਾ ਕੁੱਝ ਕਿਉਂ ਨਹੀਂ ਕੀਤਾ। ਉਨ੍ਹਾਂ ਸਮਾਣਾ ਦੇ ਟਾਵਰ ਮੋਰਚੇ ‘ਤੇ ਜਾਣ ਦੀ ਗੱਲ ਵੀ ਆਖੀ।ਇਸ ਮੌਕੇ ਡੀ ਐੱਸ ਪੀ ਹਰਸਿਮਰਨ ਸਿੰਘ ਬੱਲ ਵੀ ਹਾਜ਼ਰ ਸਨ।
