- ਪ੍ਰਧਾਨ ਮੰਤਰੀ ਦੀ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ ਦਾ ਦਸੂਹਾ ਦੇ ਲੋਕਾਂ ਨੇ ਸੁਣਿਆ ਪ੍ਰਸਾਰਣ
- ਵਿਕਸਿਤ ਭਾਰਤ ਦੀ ਸਹੁੰ ਵੀ ਚੁਕਾਈ ਗਈ
ਦਸੂਹਾ (ਹੁਸ਼ਿਆਰਪੁਰ)- 08/01/2024
ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਲੋਕ- ਭਲਾਈ ਸਕੀਮਾਂ ਰਾਹੀਂ ਦੇਸ਼ ਦੇ ਹਰੇਕ ਨਾਗਰਿਕ ਨੂੰ ਸਸ਼ਕਤ ਅਤੇ ਮਾਲੀ ਪੱਖ ਤੋਂ ਮਜ਼ਬੂਤ ਬਣਾਉਣ ਵਾਲੀਆ ਨੀਤੀਆਂ ਦੇਸ਼ ਨੂੰ ਨਵੀਆਂ ਉਚਾਈਆਂ ਵੱਲ ਲਿਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਤਕ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਯਕੀਨੀ ਕਰਦੇ ਹੋਏ ਭਾਰਤ ਨੂੰ ਵਿਸ਼ਵ ਦਾ ਇੱਕ ਵਿਕਸਿਤ ਅਤੇ ਮੋਢੀ ਰਾਸ਼ਟਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਇਸ ਅੰਮ੍ਰਿਤ ਕਾਲ ਵਿੱਚ ਸਾਲ 2047 ਤੋਂ ਪਹਿਲਾਂ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਬਣ ਕੇ ਉਭਰੇਗਾ।
ਅੱਜ ਹੁਸ਼ਿਆਰਪੁਰ ਦੇ ਦਸੂਹਾ ਰੇਲਵੇ ਸਟੇਸ਼ਨ ਦੇ ਕੰਪਲੈਕਸ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨਾਲ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਰਕਾਰ ਦੀਆਂ ਕਲਿਆਣਕਾਰੀ ਸਕੀਮਾਂ ਤੋਂ ਹੁਣ ਤੱਕ ਵਾਂਝੇ ਰਹਿ ਗਏ ਹਨ, ਉਹ ਇਸ ਯਾਤਰਾ ਰਾਹੀਂ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ।
ਪ੍ਰੋਗਰਾਮ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਸਾਰਿਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਪੰਜਾਬ ਦੇ ਗੁਰਦਾਸਪੁਰ ਸਮੇਤ, ਹੋਰਨਾਂ ਸੂਬਿਆਂ ਦੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੇ ਗਏ ਸਿੱਧੇ ਸੰਵਾਦ ਨੂੰ ਬੜੀ ਦਿਲਚਸਪੀ ਨਾਲ ਸੁਣਿਆ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਦੇ ਨਵੇਂ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਦੇ ਸ਼ਨਾਖਤੀ ਕਾਰਡ ਵੀ ਵੰਡੇ, ਜਿਸ ਰਾਹੀਂ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ ਅਤੇ ਮਕਾਨ ਬਣਾਉਣ ਦਾ ਕੰਮ ਵੀ ਕਰ ਸਕਦੇ ਹਨ।
ਉਨ੍ਹਾਂ ਉੱਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਗੈਸ ਕੁਨੈਕਸ਼ਨ ਵੀ ਵੰਡੇ।
ਭਾਰਤ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਪਹਿਲਾਂ ਤੋਂ ਹੀ ਲਾਭ ਲੈ ਰਹੇ ਲਾਭਪਾਤਰੀਆਂ ਵੱਲੋਂ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ਲਈ ‘ਮੇਰੀ ਕਹਾਣੀ -ਮੇਰੀ ਜੁਬਾਨੀ’ ਵਿਸ਼ੇ ਤਹਿਤ ਦੱਸਿਆ ਗਿਆ ਕਿ ਕਿਵੇਂ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਦਾ ਉਨ੍ਹਾਂ ਨੂੰ ਲਾਭ ਹੋਇਆ ਅਤੇ ਉਨ੍ਹਾਂ ਦੇ ਜੀਵਨ ਵਿੱਚ ਤਬਦੀਲੀ ਆਈ ਹੈ।
ਇਸ ਮੌਕੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਯੋਜਨਾਵਾਂ ਦਾ ਲਾਭ ਦੇਣ ਲਈ ਸਟਾਲ ਵੀ ਲਗਾਏ ਗਏ ਸਨ ।
ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਵੈਨਾਂ ਚੱਲ ਰਹੀਆਂ ਹਨ। ਇਸ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਪ੍ਰਮੁੱਖ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਸ਼੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਦੇਸ਼ ਵਾਸੀਆਂ ਦੀ ਸਮੂਹਿਕ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਅਤੇ ਦੂਜਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਕੀਮਾਂ ਦਾ ਲਾਭ ਉਠਾਉਣ ਅਤੇ ਦੂਜਿਆਂ ਨੂੰ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਹਾਜ਼ਰ ਸਮੂਹ ਲੋਕਾਂ ਨੂੰ ਵਿਕਸਿਤ ਭਾਰਤ ਦੀ ਸਹੁੰ ਵੀ ਚੁਕਾਈ।
ਬਾਅਦ ਵਿੱਚ, ਦਸੂਹਾ ਰੇਲਵੇ ਸਟੇਸ਼ਨ ‘ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਤਿੰਨ ਰੇਲ ਗੱਡੀਆਂ ਜੰਮੂ ਤਵੀ – ਪੁਣੇ (ਜੇਹਲਮ ਐਕਸਪ੍ਰੈਸ), ਜੰਮੂ ਤਵੀ – ਜੈਸਲਮੇਰ (ਸ਼ਾਲੀਮਾਰ ਐਕਸਪ੍ਰੈਸ) ਅਤੇ ਜੰਮੂ ਤਵੀ – ਕੋਲਕਾਤਾ (ਸਿਯਾਲਦਹ ਐਕਸਪ੍ਰੈਸ) ਦੇ ਰੁਕਣ ਦਾ ਵੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨੇ ਮੁਕੇਰੀਆਂ ਰੇਲਵੇ ਸਟੇਸ਼ਨ ‘ਤੇ ਕੁਝ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ।