ਚੰਡੀਗੜ੍ਹ, 04 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਭਾਜਪਾ ਆਗੂ ਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਡਿੱਬਰੂਗੜ੍ਹ ਜੇਲ੍ਹ ’ਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਵਾਲੇ ਬਿਆਨ ਤੋਂ ਸਿਆਸੀ ਹਲਕੇ ਕਾਫ਼ੀ ਹੈਰਾਨ ਹਨ। ਬਿੱਟੂ ਹਮੇਸ਼ਾ ਗਰਮ ਖਿਆਲੀ ਆਗੂਆਂ ਬਾਰੇ ਬਹੁਤ ਤਿੱਖੀ ਬਿਆਨਬਾਜ਼ੀ ਕਰਦੇ ਰਹਿੰਦੇ ਹਨ ਪਰ ਬੀਤੇ ਕੱਲ੍ਹ ਸੰਸਦ ਭਵਨ ਦੇ ਬਾਹਰ ਜਿਸ ਢੰਗ ਨਾਲ ਉਨ੍ਹਾਂ ਸਰਦ ਰੁੱਤ ਸੈਸ਼ਨ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਦੀ ਵਕਾਲਤ ਕੀਤੀ ਹੈ, ਉਸ ਨੂੰ ਲੈ ਕੇ ਸਰਕਾਰ ਤੇ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ।

ਸਿਆਸੀ ਧਿਰਾਂ ਦੇ ਆਗੂ ਬਿੱਟੂ ਦੇ ਇਸ ਬਿਆਨ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖ ਰਹੇ ਹਨ। ਲੋਕ ਸਭਾ ਚੋਣਾਂ ’ਚ ਖਡੂਰ ਸਾਹਿਬ ਤੇ ਫ਼ਰੀਦਕੋਟ ਸੀਟ ਤੋਂ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖ਼ਾਲਸਾ ਨੇ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕੀਤੀ। ਮਾਝੇ ’ਚ ਅੰਮ੍ਰਿਤਪਾਲ ਸਿੰਘ ਦਾ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਯੂਨੀਵਰਸਿਟੀ ਦੀਆਂ ਸਿੰਡੀਕੇਟ ਤੇ ਸੈਨੇਟ ’ਚ ਬਦਲਾਅ ਨੂੰ ਲੈ ਕੇ ਸ਼ੁਰੂ ਹੋਏ ਵਿਦਿਆਰਥੀ ਸੰਘਰਸ਼ ਨਾਲ ਕੇਂਦਰ ਸਰਕਾਰ ਤੇ ਯੂਨੀਵਰਸਿਟੀ ਮੈਨੇਜਮੈਂਟ ਨੂੰ ਬੈਕਫੁੱਟ ’ਤੇ ਆਉਣਾ ਪਿਆ ਹੈ। ਸਿਆਸੀ ਆਗੂ ਬਿੱਟੂ ਦੇ ਇਸ ਬਿਆਨ ਨੂੰ ਸਿਆਸੀ ਨੁਕਸਾਨ ਦੀ ਭਰਪਾਈ ਕਰਨ ਵਜੋਂ ਦੇਖ ਰਹੇ ਹਨ।

ਆਲ ਇੰਡੀਆਂ ਕਾਂਗਰਸ ਦੇ ਸਕੱਤਰ ਤੇ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ‘ਆਪ’ ਤੇ ਭਾਜਪਾ ਏ ਤੇ ਬੀ ਟੀਮਾਂ ਹਨ। ਉਨ੍ਹਾਂ ਕਿਹਾ ਕਿ ਛੇ ਰਾਜਾਂ ਨੇ ਕੌਮੀ ਸਿੱਖਿਆ ਨੀਤੀ ਨੂੰ ਰੱਦ ਕਰ ਦਿੱਤਾ ਹੈ ਤਾਂ ਪੰਜਾਬ ਸਰਕਾਰ ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਲੱਗੀ ਹੋਈ ਹੈ। ਪਰਗਟ ਸਿੰਘ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਇਕ-ਦੂਜੇ ਦੇ ਸਿਆਸੀ ਬਚਾਅ ਲਈ ਕੰਮ ਕਰ ਰਹੀਆਂ ਹਨ। ਪਰਗਟ ਸਿੰਘ ਦਾ ਕਹਿਣਾ ਹੈ ਕਿ ਬਿੱਟੂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਵੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਜਿਹੜੇ ਬੰਦੀ ਸਿੰਘ ਮਿਲੀ ਸਜ਼ਾ ਤੋਂ ਵੱਧ ਸਜ਼ਾ ਭੁਗਤ ਚੁੱਕੇ ਹਨ, ਉਨ੍ਹਾਂ ਬਾਰੇ ਰਵਨੀਤ ਬਿੱਟੂ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ, ਪੰਜਾਬ ਦੀ ਰਾਜਧਾਨੀ ਸਮੇਤ ਕਈ ਮਸਲਿਆਂ ਨੂੰ ਲੈ ਕੇ ਪੰਜਾਬੀ ਭਾਜਪਾ ਦਾ ਵਿਰੋਧ ਕਰ ਰਹੇ ਹਨ। ਬਿੱਟੂ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੀ ਗੱਲ ਕਰ ਕੇ ਸਿੱਖਾਂ ਦੀ ਹਮਦਰਦੀ ਲੈਣ ਦਾ ਯਤਨ ਕੀਤਾ ਹੈ। ਜਦਕਿ ਸਾਰੀ ਦੁਨੀਆਂ ਜਾਣਦੀ ਹੈ ਕਿ ਨੈਸ਼ਨਲ ਸਕਿਓਰਿਟੀ ਐਕਟ ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਕਿਸਨੇ ਕੀਤਾ ਹੈ।

ਸਮਾਜ ਸਾਸ਼ਤਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਕਿਹਾ ਕਿ ਭਾਜਪਾ ਵਾਟਰ ਟੈਸਟਿੰਗ ਕਰਕੇ ਦੇਖ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਦਾ ਮੁੱਦਾ ਚੁੱਕਕੇ ਸਿੱਖ ਅਤੇ ਹਿੰਦੂ ਭਾਈਚਾਰੇ ਦੀ ਪ੍ਰਤੀਕਿਰਿਆ ਲੈਣ ਦਾ ਯਤਨ ਕੀਤਾ ਹੈ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਭਾਜਪਾ ਗਠਜੋੜ ਬਾਰੇ ਬਿਆਨ ਦੇ ਕੇ ਹੇਠਲੇ ਪੱਧਰ ’ਤੇ ਲੋਕਾਂ ਦੀ ਅਵਾਜ਼ ਸੁਣਨ ਦਾ ਯਤਨ ਕੀਤਾ ਹੈ।

ਵਰਨਣਯੋਗ ਹੈ ਕਿ ਬੀਤੇ ਕੱਲ੍ਹ ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਬਾਰਾਮੂਲਾ ਦੇ ਐੱਮਪੀ ਰਾਸ਼ੀਦ ਇੰਜੀਨੀਅਰ, ਜੋ ਨੈਸ਼ਨਲ ਸਕਿਓਰਿਟੀ ਐਕਟ ਤਹਿਤ ਬੰਦ ਹੈ, ਨੂੰ ਪੈਰੋਲ ਮਿਲ ਸਕਦੀ ਹੈ ਤਾਂ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਨਹੀਂ। ਬਿੱਟੂ ਨੇ ਪੈਰੋਲ ਨਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਨੂੰ ਜ਼ੁੰਮੇਵਾਰ ਦੱਸਿਆ ਹੈ।

ਸੰਖੇਪ:
ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੀ ਵਕਾਲਤ ਕਰਦੇ ਰਵਨੀਤ ਬਿੱਟੂ ਦੇ ਬਿਆਨ ਨੇ ਪੰਜਾਬੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ, ਜਿਸਨੂੰ ਆਉਣ ਵਾਲੀ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।