ਚੰਡੀਗੜ੍ਹ, 21 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਐਮਐਲਏ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਗਰੀਬਾਂ ਵਿਰੁੱਧ ਸਾਜ਼ਿਸ਼ਾਂ ਰਚ ਰਹੀ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 10 ਲੱਖ ਗਰੀਬਾਂ ਦੇ ਰਾਸ਼ਨ ਕਾਰਡ ਕੱਟਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ ਸਿੱਧਾ-ਸਿੱਧਾ ਗਰੀਬਾਂ ਦੇ ਅਧਿਕਾਰਾਂ ‘ਤੇ ਡਾਕਾ ਹੈ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਫ਼ੈਸਲੇ ਦੀ ਤਿੱਖੀ ਨਿੰਦਾ ਕਰਦੀ ਹੈ। ਧਾਲੀਵਾਲ ਨੇ ਕਿਹਾ, ਭਾਜਪਾ ਗਰੀਬ ਵਿਰੋਧੀ ਪਾਰਟੀ ਹੈ, ਜੋ ਗਰੀਬ ਲੋਕਾਂ ਦਾ ਹੱਕ ਖੋਹਣਾ ਚਾਹੁੰਦੀ ਹੈ। ਜਿੱਥੇ ਭਾਜਪਾ ਦੀ ਸਰਕਾਰ ਨਹੀਂ ਹੈ, ਉਥੇ ਸਾਜ਼ਿਸ਼ਾਂ ਰਚ ਕੇ ਲੋਕਾਂ ਨੂੰ ਤੰਗ ਕੀਤਾ ਜਾਂਦਾ ਹੈ।
Mla ਧਾਲੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਾਜਪਾ ਦੇ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਪਿੰਡ-ਪਿੰਡ ਜਾ ਕੇ ਲੋਕਾਂ ਦਾ ਪੈਨਸਨਲ ਡਾਟਾ ਇਕੱਠਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਪਤਾ ਲੱਗਿਆ ਹੈ ਕਿ ਲੋਕਾਂ ਨਾਲ ਵੱਡੇ ਪੱਧਰ ‘ਤੇ ਧੋਖਾਧੜੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਭਾਜਪਾ ਵਰਕਰ ਨੂੰ ਆਪਣੀ ਨਿੱਜੀ ਜਾਣਕਾਰੀ ਨਾ ਦੇਣ, ਨਹੀਂ ਤਾਂ ਤੁਹਾਡੇ ਬੈਂਕ ਖਾਤਿਆਂ ਵਿੱਚ ਵੀ ਧੋਖਾਧੜੀ ਹੋ ਸਕਦੀ ਹੈ।
ਧਾਲੀਵਾਲ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਭਾਜਪਾ ਵਾਲੇ ਚੋਰ -ਲੁਟੇਰਿਆਂ ਤੋਂ ਸਾਵਧਾਨ ਰਹੋ। ਇਹ ਲੋਕ ਗਰੀਬਾਂ ਦੀ ਮਿਹਨਤ ਦੀ ਕਮਾਈ ‘ਤੇ ਡਾਕਾ ਮਾਰਨਾ ਚਾਹੁੰਦੇ ਹਨ। ਉਨ੍ਹਾਂ ਨੇ ਭਾਜਪਾ ਨੂੰ ਲੋਕ ਵਿਰੋਧੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਬੀਜੇਪੀ ਨੇ ਆਖੀ ਇਹ ਗੱਲ…
ਦੂਜੇ ਪਾਸੇ ਬੀਜਪੀ ਆਗੂ ਮਨਪ੍ਰੀਤ ਬਾਦਲ ਨੇ ਮੀਡੀਆ ਨਾਲ ਗੱਲ ਕਰਦਿਆਂ ਕਿ ਕਿਹਾ ਕਿ ਲੋਕ ਰਾਜ ਵਿਚ ਕਾਲਾ ਦਿਨ ਹੈ। ਮੋਦੀ ਸਰਕਾਰ ਨੇ ਪੰਜਾਬ ਦੇ ਕਮਜੋਰ ਵਰਗ ਦੇ ਲੋਕਾਂ ਲਈ ਅਨੇਕਾਂ ਭਲਾਈ ਸਕੀਮਾਂ ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਸਮੇਤ ਸੈਂਕੜੇ ਸਕੀਮਾਂ ਚਲਾਈਆਂ ਹਨ। ਪਰ ਬੀਜੇਪੀ ਪਾਰਟੀ ਨੇ 4400 ਕੈਂਪ ਪੰਜਾਬ ਵਿੱਚ ਲਾਏ ਅਤੇ ਜਿੰਨਾਂ ਵਿਚ 1 ਲੱਖ 56 ਹਜ਼ਾਰ ਲੋਕਾਂ ਨੂੰ ਫਾਇਦਾ ਹੋਇਆ।