ਪੰਜਾਬ ਸਰਕਾਰ ਦਾ ਬਿਜ਼ਨਸ ਬਲਾਸਟਰ ਪ੍ਰੋਗਰਾਮ ਉੱਦਮੀਆਂ ਵਿਦਿਆਰਥੀ ਨੂੰ ਕਰਦਾ ਹੈ ਸ਼ਕਤੀ ਪ੍ਰਦਾਨ
ਉੱਜਲ ਭਵਿੱਖ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਸਹਿਯੋਗ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦਾ ਉਦੇਸ਼
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੀ ਉੱਦਮੀ ਸਮਰੱਥਾ ਨੂੰ ਹੋਰ ਉਭਾਰਨ ਲਈ ਵਚਨਬੱਧ ਹੈ। ਸਰਕਾਰੀ ਸਕੂਲਾਂ ਵਿੱਚ ਆਯੋਜਿਤ ਹੁੰਦੀਆਂ ਮੈਗਾ ਮਾਪੇ ਅਧਿਆਪਕ ਮੀਟਿੰਗਾਂ (ਪੀਟੀਐਮ) ਬਾਰੇ ਵਿਚਾਰ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਵਿਦਿਆਰਥੀਆਂ ਨੂੰ ਉੱਦਮਤਾ ਦੀ ਖੋਜ ਕਰਨ ਲਈ ਉਤਸ਼ਾਹਿਤ ਕਰ ਰਹੀਆਂ ਹਨ, ਉਹਨਾਂ ਨੂੰ ਵਪਾਰਕ ਖੇਤਰ ਵਿੱਚ ਭਵਿੱਖ ਦੇ ਆਗੂ ਬਣਨ ਲਈ ਸਮਰੱਥ ਬਣਾਉਂਦੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਬਿਜ਼ਨਸ ਬਲਾਸਟਰ ਵਰਗੇ ਨਵੀਨਤਾਕਾਰੀ ਪ੍ਰੋਗਰਾਮਾਂ ਰਾਹੀਂ, ਅਸੀਂ ਨਾ ਸਿਰਫ਼ ਵਿਦਿਆਰਥੀਆਂ ਨੂੰ ਭਵਿੱਖ ਦੇ ਉੱਦਮੀਆਂ ਦੇ ਰੂਪ ਵਿੱਚ ਢਾਲ ਰਹੇ ਹਾਂ, ਸਗੋਂ ਉਹਨਾਂ ਦੇ ਸਮੁੱਚੇ ਵਿਕਾਸ ਲਈ ਇੱਕ ਮਜ਼ਬੂਤ ਨੀਂਹ ਵੀ ਰੱਖ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਮੈਗਾ ਮਾਪੇ ਅਧਿਆਪਕ ਮੀਟਿੰਗਾਂ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਸਫਲ ਹੋਣ ਲਈ ਲੋੜੀਂਦਾ ਸਮਰਥਨ ਪ੍ਰਾਪਤ ਕਰਨ ਵੱਲ ਇੱਕ ਕਦਮ ਹੈ।
ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਹਿੱਸੇ ਵਜੋਂ, ਵਿਦਿਆਰਥੀਆਂ ਵੱਲੋਂ ਵਰਦੀਆਂ ਸਮੇਤ ਕਈ ਤਰ੍ਹਾਂ ਦੇ ਖੁਦ ਤਿਆਰ ਕੀਤੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਜਿਸ ਦੀ ਮਾਪਿਆਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾਂਦੀ ਹੈ। ਇੰਨਾਂ ਪ੍ਰੋਗਰਾਮਾਂ ਦੌਰਾਨ ਨੌਜਵਾਨ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਯਤਨਾਂ ਨੂੰ ਸਾਰਥਕ ਬਣਾਉਣ ਤੋਂ ਇਲਾਵਾ ਸਰਕਾਰੀ ਸਮਰਥਨ ਦੇ ਪ੍ਰਤੀਕ ਵਜੋਂ ਉਨ੍ਹਾਂ ਦੇ ਉਤਪਾਦ ਖਰੀਦੇ ਵੀ ਜਾਂਦੇ ਹਨ।
ਇੰਨਾ ਮੈਗਾ ਮਾਪੇ ਅਧਿਆਪਕ ਮੀਟਿੰਗਾਂ ਨੂੰ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝੇ ਸਹਿਯੋਗ ਨੂੰ ਉਤਸ਼ਾਹਿਤ ਕਰਨ, ਵਿਦਿਆਰਥੀਆਂ ਦੀ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕਰਨ ਅਤੇ ਸਕੂਲ-ਸਬੰਧਤ ਚੁਣੌਤੀਆਂ ਨੂੰ ਹੱਲ ਕਰਨ ਦੇ ਯੋਗ ਬਣਾਉਣ ਲਈ ਮਹੱਤਵਪੂਰਨ ਪਲੇਟਫਾਰਮਾਂ ਵਜੋਂ ਤਿਆਰ ਕੀਤਾ ਗਿਆ ਹੈ। ਇਹ ਮੀਟਿੰਗਾਂ ਵਿਦਿਆਰਥੀਆਂ ਦੇ ਵਿਕਾਸ ਲਈ ਵਧੇਰੇ ਸਹਾਇਕ ਮਾਹੌਲ ਨੂੰ ਯਕੀਨੀ ਬਣਾਉਂਦੇ ਹੋਏ, ਸਕੂਲੀ ਭਾਈਚਾਰੇ ਦੇ ਅੰਦਰ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰ ਰਹੀਆਂ ਹਨ।
ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ :
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਉਤੇ ਉਪਰਾਲੇ ਕਰਦਿਆਂ ਆਧੁਨਿਕ ਬੁਨਿਆਦੀ ਢਾਂਚਾ, ਬਿਹਤਰ ਸਹੂਲਤਾਂ ਅਤੇ ਮਜ਼ਬੂਤ ਅਧਿਆਪਨ ਸਰੋਤ ਮੁਹੱਈਆ ਕਰਵਾ ਕੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਜਾਂ ਬਿਹਤਰ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਸਿਖਲਾਈ ਪ੍ਰੋਗਰਾਮਾਂ ਸਮੇਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਹੁਨਰ ਨੂੰ ਨਿਖਾਰਨ ਲਈ ਕਦਮ ਚੁੱਕੇ ਜਾ ਰਹੇ ਹਨ।
ਸੰਪੂਰਨ ਵਿਕਾਸ ਦ੍ਰਿਸ਼ਟੀ:
ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਕਰਨ ‘ਤੇ ਧਿਆਨ ਕੇਂਦਰਿਤ ਕਰਦੇ ਹੋਏ, ਸਾਲਾਨਾ ਪ੍ਰੀਖਿਆਵਾਂ ਵਿੱਚ ਉੱਚ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਸਾਰਿਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਟਾਫ਼ ਦੀਆਂ ਲੋੜਾਂ ਦੇ ਹੱਲ ਨੂੰ ਤਰਜੀਹ ਦੇ ਰਹੀ ਹੈ। ਇਹ ਪਹਿਲਕਦਮੀ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਣਾਲੀ ਨੂੰ ਬਦਲਣ, ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਉੱਜਲ ਭਵਿੱਖ ਲਈ ਤਿਆਰ ਕਰਨ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।