ਹੁਸ਼ਿਆਰਪੁਰ, 14 ਫਰਵਰੀ (ਪੰਜਾਬੀ ਖ਼ਬਰਨਾਮਾ)
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਹ ਅੱਜ ਹੁਸ਼ਿਆਰਪੁਰ ਦੇ ਵਾਰਡ ਨੰਬਰ 12,16, ਪਿੰਡ ਬਜਵਾੜਾ ਅਤੇ ਅਲਾਹਾਬਾਦ ਵਿਚ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਰਾਹੀਂ ਲੋਕ ਹਿਤੈਸ਼ੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਵਿਚ ਸਫਲਤਾ ਦੀ ਨਵੀਂ ਇਬਾਰਤ ਲਿਖੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਵਿਚ ਕੈਂਪ ਲਗਾ ਕੇ ਲੋਕਾਂ ਨੂੰ ਸੇਵਾਵਾਂ ਨਿਭਾਉਣ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਯਤਨ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਇਕ ਛੱਤ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਐਨਰਜੀ ਦੀ ਬਚਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈ ਰਹੇ ਹਨ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਇਸ ਗੱਲ ਦੀ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦਿਵਿਆ.ਪੀ, ਸੰਦੀਪ ਚੇਚੀ, ਵਰਿੰਦਰ ਵੈਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
