- ਕਿਹਾ, ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ
- ਲੋਕਾਂ ਦੀਆਂ ਬਰੂਹਾਂ ’ਤੇ ਕੈਂਪ ਲਗਾ ਕੇ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ
ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਖੇਤਰ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਲਗਾਏ ਜਾ ਰਹੇ ਇਹ ਕੈਂਪ ਦਰਸਾਉਂਦੇ ਹਨ ਕਿ ਸਰਕਾਰ ਆਮ ਆਦਮੀ ਪ੍ਰਤੀ ਕਿੰਨੀ ਫਿਕਰਮੰਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿਚ ਰੱਖ ਕੇ ਹੀ ਯੋਜਨਾਵਾਂ ਤਿਆਰ ਕਰ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚ ਸਕੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਡਾ. ਹਰਵਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦਿਵਿਆ ਪੀ ਅਤੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਵਾਰਡ ਨੰਬਰ 2, 3, ਸਰਕਾਰੀ ਸਕੂਲ ਅੱਜੋਵਾਲ ਅਤੇ ਗੁਰੂ ਰਵਿਦਾਸ ਨਗਰ ਆਦਮਵਾਲ ਵਿਚ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ, ਜਿਥੇ ਲੋਕਾਂ ਵਿਚ ਕੈਂਪਾਂ ਦੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ ਅਤੇ ਉਨ੍ਹਾਂ ਵੱਧ-ਚੜ੍ਹ ਕੇ ਇਨ੍ਹਾਂ ਕੈਂਪਾਂ ਵਿਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ 6 ਫਰਵਰੀ ਤੋਂ ਰੋਜ਼ਾਨਾ ਇਹ ਕੈਂਪ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਕੈਂਪ ਵੱਖ-ਵੱਖ ਸਥਾਨਾਂ ’ਤੇ ਰੋਜ਼ਾਨਾ ਲੱਗਣਗੇ ਅਤੇ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਲੈਣ।