ਚੰਡੀਗੜ੍ਹ 01 ਅਗਸਤ 2024 ਪੰਜਾਬੀ ਖਬਰਨਾਮਾ : ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਇੱਕ ਚੋਣ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ 12 ਅਗਸਤ ਨੂੰ ਤੈਅ ਕੀਤੀ ਹੈ।
ਪਟੀਸ਼ਨ ਦਾਇਰ ਕਰਦੇ ਹੋਏ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਨਾਮਜ਼ਦਗੀ ਫਾਰਮ ਭਰਦੇ ਸਮੇਂ ਉਨ੍ਹਾਂ ਨੇ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖ਼ਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ। ਪਟੀਸ਼ਨਰ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ ਪਰ ਕੋਈ ਫਾਇਦਾ ਨਹੀਂ ਹੋਇਆ ਜਿਸ ਕਰਕੇ ਉ੍ਨ੍ਹਾਂ ਨੂੰਹਾਈ ਕੋਰਟ ਦੀ ਸ਼ਰਨ ਲੈਣੀ ਪੈ ਰਹੀ ਹੈ।