10 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਵੀਰਵਾਰ ਸਵੇਰੇ ਹਰਿਆਣਾ ਦੇ ਕਰਨਾਲ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਵੇਰੇ 5 ਵਜੇ ਦੇ ਕਰੀਬ ਗੁਰੂਗ੍ਰਾਮ ਤੋਂ ਚੰਡੀਗੜ੍ਹ ਆ ਰਹੀ ਇੱਕ ਏਸੀ ਬੱਸ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੇ ਡਰਾਈਵਰ ਦੀ ਮੌਕੇ ਉਤੇ ਹੀ ਮੌਤ ਹੋ ਗਈ, ਜਦੋਂ ਕਿ ਬੱਸ ਵਿੱਚ ਸਵਾਰ ਕਈ ਯਾਤਰੀ ਜ਼ਖਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਡਰਾਈਵਰ ਬੱਸ ਦੇ ਅੰਦਰ ਬੁਰੀ ਤਰ੍ਹਾਂ ਫਸਿਆ ਹੋਇਆ ਸੀ, ਉਸ ਨੂੰ ਬਾਹਰ ਕੱਢਣ ਲਈ ਪੁਲਿਸ ਨੂੰ ਹਾਈਡ੍ਰਾ ਮਸ਼ੀਨ ਦੀ ਮਦਦ ਲੈਣੀ ਪਈ। ਕਾਫ਼ੀ ਮਿਹਨਤ ਤੋਂ ਬਾਅਦ ਡਰਾਈਵਰ ਨੂੰ ਬਾਹਰ ਕੱਢਿਆ ਗਿਆ। ਹੋਰ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਈਵੇਅ ‘ਤੇ ਲੰਮਾ ਜਾਮ

ਪੁਲਿਸ ਜਾਂਚ ਅਧਿਕਾਰੀ ਦਰਸ਼ਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਬੱਸ, ਟਰੱਕ ਨਾਲ ਟਕਰਾ ਗਈ। ਮੌਕੇ ਉਤੇ ਪਹੁੰਚਣ ‘ਤੇ ਪਤਾ ਲੱਗਾ ਕਿ ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਤ ਹੋ ਗਈ ਹੈ ਅਤੇ ਕਈ ਯਾਤਰੀ ਜ਼ਖਮੀ ਹੋ ਗਏ ਹਨ। ਮੁੱਢਲੀ ਜਾਂਚ ਵਿੱਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਟਰੱਕ ਹਾਈਵੇਅ ‘ਤੇ ਅੱਗੇ ਜਾ ਰਿਹਾ ਸੀ ਅਤੇ ਬੱਸ ਡਰਾਈਵਰ ਨੇ ਤੇਜ਼ ਰਫ਼ਤਾਰ ਨਾਲ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਸ਼ੱਕ ਹੈ ਕਿ ਬੱਸ ਡਰਾਈਵਰ ਨੂੰ ਨੀਂਦ ਆ ਗਈ ਹੋਵੇਗੀ ਜਾਂ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਹਾਦਸੇ ਦਾ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕਦਾ ਹੈ। ਹਾਦਸੇ ਤੋਂ ਬਾਅਦ ਹਾਈਵੇਅ ਉਤੇ ਲੰਮਾ ਟ੍ਰੈਫਿਕ ਜਾਮ ਸੀ, ਜਿਸ ਨੂੰ ਪੁਲਿਸ ਨੇ ਕਰੇਨ ਦੀ ਮਦਦ ਨਾਲ ਹੌਲੀ-ਹੌਲੀ ਸਾਫ਼ ਕੀਤਾ ਅਤੇ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਸਾਈਡ ‘ਤੇ ਲਿਜਾਇਆ। ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਸੰਖੇਪ:
ਕਰਨਾਲ ਦੇ ਨੇੜੇ ਚੰਡੀਗੜ੍ਹ ਆ ਰਹੀ ਏਸੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਡਰਾਈਵਰ ਦੀ ਮੌਕੇ ‘ਤੇ ਮੌਤ, ਕਈ ਯਾਤਰੀ ਗੰਭੀਰ ਜ਼ਖ਼ਮੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।