ਚੰਡੀਗੜ੍ਹ, 16 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਖਰੀ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ। ਉਨ੍ਹਾਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਖਰੀ ਅਤੇ ਫੈਸਲਾਕੁੰਨ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਐਸਐਸਪੀਜ਼, ਪੁਲਿਸ ਕਮਿਸ਼ਨਰਾਂ ਅਤੇ ਆਈਜੀਪੀਜ਼/ਡੀਆਈਜੀਜ਼ ਨਾਲ ਵਰਚੁਅਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ, ਵਿਲੇਜ ਡਿਫੈਂਸ ਕਮੇਟੀਆਂ ਦੀ ਭੂਮਿਕਾ, ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਕਾਰਵਾਈ ਅਤੇ ਜ਼ਮੀਨੀ ਪੱਧਰ ਤੋਂ ਮਿਲ ਰਹੀਆਂ ਸ਼ਿਕਾਇਤਾਂ ’ਤੇ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਆਖਰੀ ਪੜਾਅ ਵਿੱਚ ਹੈ ਅਤੇ ਪੁਲਿਸ ਨੂੰ ਜ਼ਮੀਨੀ ਪੱਧਰ ’ਤੇ ਕਾਰਵਾਈ ਹੋਰ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ਵਿੱਚ ਨਸ਼ਿਆਂ ਦੇ ਹੌਟਸਪੌਟ ਮੌਜੂਦ ਹਨ ਤਾਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਬਿਹਤਰ ਨਤੀਜੇ ਹਾਸਲ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਅਜਿਹਾ ਪੰਜਾਬ ਬਣਾਉਣਾ ਹੈ, ਜਿੱਥੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਹੋ ਕੇ ਜੀਵਨ ਬਤੀਤ ਕਰ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਣ ਤੱਕ ਸਰਕਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਇਸ ਸਮੇਂ 14,846 ਵਿਲੇਜ ਡਿਫੈਂਸ ਕਮੇਟੀਆਂ (VDCs) ਸਰਗਰਮ ਹਨ, ਜਿਨ੍ਹਾਂ ਵਿੱਚ 74,230 ਮੈਂਬਰ ਸ਼ਾਮਲ ਹਨ। ਸਰਹੱਦੀ ਖੇਤਰਾਂ ਵਿੱਚ 3,808 VDCs ਸਰਗਰਮ ਹਨ, ਜਿਨ੍ਹਾਂ ਵਿੱਚ 36,814 ਮੈਂਬਰ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਦੀ ਪਛਾਣ ਅਤੇ ਉਸ ਨੂੰ ਤੋੜਨ ਲਈ ਲੋਕਾਂ ਦੀ ਭਾਗੀਦਾਰੀ ਅਹਿਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ VDCs ਤੋਂ ਮਿਲਣ ਵਾਲੇ ਫੀਡਬੈਕ ਵਿੱਚ ਸੂਬੇ ਭਰ ਵਿੱਚ 41 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਰਾਹੀਂ ਮਿਲੀਆਂ ਸ਼ਿਕਾਇਤਾਂ ’ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਾਲ ਜਨਵਰੀ ਤੋਂ ਹੁਣ ਤੱਕ VDCs ਤੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ 4,129 FIR ਦਰਜ ਕੀਤੀਆਂ ਗਈਆਂ ਹਨ ਅਤੇ 5,589 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ Safe Punjab App ਵੀ ਨਾਗਰਿਕਾਂ ਲਈ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਜਾਣਕਾਰੀ ਦੇਣ ਦਾ ਮਹੱਤਵਪੂਰਨ ਸਾਧਨ ਬਣਿਆ ਹੈ। ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਦੌਰਾਨ ਐਪ ਰਾਹੀਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕਰੀਬ 19,310 FIR ਦਰਜ ਕੀਤੀਆਂ ਗਈਆਂ ਅਤੇ 25,138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਖ਼ਿਲਾਫ਼ ਲੜਾਈ ਹੁਣ ਸਿਰਫ਼ ਪੁਲਿਸ ਥਾਣਿਆਂ ਜਾਂ ਸਰਕਾਰੀ ਦਫ਼ਤਰਾਂ ਤੱਕ ਸੀਮਿਤ ਨਹੀਂ ਰਹੀ, ਸਗੋਂ ਇਹ ਹਰ ਪਿੰਡ ਅਤੇ ਮੁਹੱਲੇ ਤੋਂ ਲੜੀ ਜਾ ਰਹੀ ਲੋਕ ਲਹਿਰ ਬਣ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਵੱਡੀ ਗਿਣਤੀ ਵਿੱਚ ਤਸਕਰਾਂ ਤੇ ਸਪਲਾਇਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜਦੋਂ ਤੱਕ ਸਪਲਾਈ ਚੇਨ ਦੀ ਆਖਰੀ ਕੜੀ ਨੂੰ ਵੀ ਖਤਮ ਨਹੀਂ ਕੀਤਾ ਜਾਂਦਾ ਅਤੇ ਹਰ ਪਿੰਡ ਨੂੰ ਨਸ਼ਾ ਮੁਕਤ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਇਹ ਲੜਾਈ ਖਤਮ ਨਹੀਂ ਮੰਨੀ ਜਾ ਸਕਦੀ।

ਮੁੱਖ ਮੰਤਰੀ ਨੇ ਨਸ਼ਾ ਵੇਚਣ ਵਾਲਿਆਂ, ਸਪਲਾਇਰਾਂ ਅਤੇ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਲਈ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ VDCs ਦੇ ਫੀਡਬੈਕ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਜਾਣਕਾਰੀ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਨਸ਼ਿਆਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਸਰਲ ਅਤੇ ਆਸਾਨ ਬਣਾਉਣ ’ਤੇ ਵੀ ਜ਼ੋਰ ਦਿੱਤਾ। ਨਾਲ ਹੀ ਉਨ੍ਹਾਂ VDCs ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਸਮੇਂ ਸਹੀ ਅਤੇ ਜ਼ਿੰਮੇਵਾਰ ਤਰੀਕੇ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਖ਼ਿਲਾਫ਼ ਅਪਣਾਈਆਂ ਜਾ ਰਹੀਆਂ ਪ੍ਰਭਾਵਸ਼ਾਲੀ ਕਾਰਜਪ੍ਰਣਾਲੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਾਂਝਾ ਕਰਨ ਲਈ ਕਿਹਾ, ਤਾਂ ਜੋ ਸਫਲ ਮਾਡਲਾਂ ਨੂੰ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ VDC ਮੈਂਬਰਾਂ ਅਤੇ ਜ਼ਮੀਨੀ ਪੱਧਰ ਦੇ ਹੋਰ ਹਿੱਸੇਦਾਰਾਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਐਲਾਨ ਕੀਤਾ ਕਿ ਉਹ ਖੁਦ ਥਾਣਾ ਮੁਖੀਆਂ (SHOs) ਨਾਲ ਮੀਟਿੰਗਾਂ ਕਰਕੇ ਥਾਣਾ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਕਰਨਗੇ ਅਤੇ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ SHO ਪੁਲਿਸ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਜ਼ਮੀਨੀ ਪੱਧਰ ’ਤੇ ਸਭ ਤੋਂ ਮਹੱਤਵਪੂਰਨ ਕੜੀ ਹੈ। ਇਸ ਲਈ ਥਾਣਾ ਪੱਧਰ ’ਤੇ ਜਵਾਬਦੇਹੀ ਅਤੇ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਪੰਜਾਬ ਦੇ ਪਿੰਡਾਂ, ਗਲੀਆਂ ਅਤੇ ਮੁਹੱਲਿਆਂ ਵਿੱਚ ਜਿੱਤੀ ਜਾਵੇਗੀ। ਉਨ੍ਹਾਂ ਹਰ SHO, ਪੁਲਿਸ ਅਧਿਕਾਰੀ ਅਤੇ ਸਿਵਲ ਅਧਿਕਾਰੀ ਨੂੰ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈਟੀਓ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀਜੀਪੀ ਗੌਰਵ ਯਾਦਵ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।