2 ਸਤੰਬਰ 2024 : ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਆਪਣੇ ਦਿੱਲੀ ਦੌਰੇ ਦੌਰਾਨ ਉਨ੍ਹਾਂ ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜੈਪੁਰ ’ਚ ਦਸੰਬਰ ’ਚ ਹੋਣ ਵਾਲੇ ਰਾਇਜ਼ਿੰਗ ਰਾਜਸਥਾਨ ਨਿਵੇਸ਼ ਸੰਮੇਲਨ-2024 ਦੀ ਕਾਰਜ ਯੋਜਨਾ ਸਮੇਤ ਹੋਰ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ।
ਪ੍ਰਧਾਨ ਮੰਤਰੀ ਨਾਲ ਮੀਟਿੰਗ ਦੀ ਤਸਵੀਰ ‘ਐਕਸ’ ’ਤੇ ਸਾਂਝੀ ਕਰਦਿਆਂ ਭਜਨ ਲਾਲ ਸ਼ਰਮਾ ਨੇ ਕਿਹਾ, ‘‘ਉਨ੍ਹਾਂ ਅੱਜ ਦਿੱਲੀ ’ਚ ਸ਼ਿਸ਼ਟਾਚਾਰ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜੋ 140 ਕਰੋੜ ਦੇਸ਼ਵਾਸੀਆਂ ਦੀ ਖੁਸ਼ਹਾਲੀ ਅਤੇ ਭਲਾਈ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਤੋਂ ਮੈਂ ਆਸ਼ੀਰਵਾਦ ਵੀ ਲਿਆ।’’
ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਦੇ ਚੌਤਰਫ਼ਾ ਵਿਕਾਸ, ਤਰੱਕੀ ਅਤੇ ਲੋਕ ਭਲਾਈ ਨਾਲ ਸਬੰਧਤ ਵੱਖ ਵੱਖ ਯੋਜਨਾਵਾਂ ਦੇ ਸੰਦਰਭ ’ਚ ਉਨ੍ਹਾਂ ਨੂੰ ਮੋਦੀ ਤੋਂ ਬਹੁਮੁੱਲਾ ਮਾਰਗ ਦਰਸ਼ਨ ਮਿਲਿਆ ਹੈ। ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ‘ਵਿਕਸਤ ਭਾਰਤ, ਵਿਕਸਤ ਰਾਜਸਥਾਨ’ ਦਾ ਟੀਚਾ ਹਾਸਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਹਰਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਹਾਇਤਾ ਨਾਲ ਵਿਕਾਸ ਦੇ ਕਈ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਦੀ
ਅਪੀਲ ਕੀਤੀ।