ਅੰਮ੍ਰਿਤਸਰ, 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਭਰ ਵਿੱਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਦਾ ਫੈਸਲਾ ਸਿਹਤ ਸੇਵਾਵਾਂ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਵੱਲ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸੇ ਲੜੀ ਤਹਿਤ ਪਹਿਲਾਂ ਤੋਂ ਚੱਲ ਰਹੇ 258 ਪਿੰਡ ਕਲੀਨਿਕਾਂ ਦੇ ਨਾਲ 333 ਹੋਰ ਕਲੀਨਿਕ ਖੋਲ੍ਹੇ ਜਾਣ ਨਾਲ ਸੂਬੇ ਦੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦਾ ਵੱਡਾ ਲਾਭ ਮਿਲੇਗਾ।
ਸ੍ਰੀ ਬਰਾੜ ਨੇ ਕਿਹਾ ਕਿ ਨਵੰਬਰ ਮਹੀਨੇ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐੱਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ ਲਗਾਉਣ ਦਾ ਐਲਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਸਾਬਤ ਹੋਵੇਗਾ। ਇਸ ਨਾਲ ਲੋਕਾਂ ਨੂੰ ਮਹਿੰਗੇ ਟੈਸਟਾਂ ਲਈ ਨਿੱਜੀ ਹਸਪਤਾਲਾਂ ਦਾ ਰੁਖ਼ ਨਹੀਂ ਕਰਨਾ ਪਵੇਗਾ ਅਤੇ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਵੀ ਬੱਚਤ ਹੋਵੇਗੀ।
ਪਨਸਪ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਸਿਹਤ ਬੀਮੇ ਦੀ ਸਹੂਲਤ ਦੇਣਾ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ। ਇਸ ਯੋਜਨਾ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵੀ ਗੰਭੀਰ ਬਿਮਾਰੀਆਂ ਦਾ ਇਲਾਜ ਬਿਹਤਰ ਢੰਗ ਨਾਲ ਕਰਵਾਉਣ ਦੇ ਸਮਰੱਥ ਹੋਣਗੇ।
ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਸਿਹਤ ਸੰਸਥਾਵਾਂ ਦੀ ਗਿਣਤੀ ਵਧਾਉਣਾ ਹੀ ਨਹੀਂ, ਸਗੋਂ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ, ਪਾਰਦਰਸ਼ੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਦੇ ਇਹ ਲੋਕ-ਪੱਖੀ ਫੈਸਲੇ ਪੰਜਾਬ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣਗੇ।
