ਜਲੰਧਰ, 4 ਅਪ੍ਰੈਲ (ਪੰਜਾਬੀ ਖਬਰਨਾਮਾ) :ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਵਿੱਚ 70 ਫੀਸਦੀ ਪੋਲਿੰਗ ਦੇ ਟੀਚੇ ਨੂੰ ਪਾਰ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਵੀਪ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਵਾਲੇ ਖੇਤਰਾਂ ਵਿੱਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਰ ਵੋਟਰ ਤੱਕ ਪਹੁੰਚ ਯਕੀਨੀ ਬਣਾਈ ਜਾਵੇ। ਖਾਸ ਕਰ ਅਜਿਹੇ ਪੋਲਿੰਗ ਖੇਤਰ, ਜਿਥੇ ਪਿਛਲੀਆਂ ਚੋਣਾਂ ਦੌਰਾਨ ਘੱਟ ਵੋਟਿੰਗ ਹੋਈ ਸੀ, ਵੱਲ ਵਧੇਰੇ ਤਵਜੋਂ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਵੋਟ ਫੀਸਦੀ ਵਿੱਚ ਵਾਧਾ ਕਰਕੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਟੀਚੇ ਨੂੰ ਹਾਸਲ ਕੀਤਾ ਜਾ ਸਕੇ।
ਉਨ੍ਹਾਂ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣਾਂ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਧਾਨ ਸਭਾ ਹਲਕਾ ਵਾਰ ਸਵੀਪ ਗਤੀਵਿਧੀਆਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਕਿਹਾ।
ਡਾ. ਅਗਰਵਾਲ ਨੇ ਕਿਹਾ ਕਿ ਬੀ.ਐਲ.ਓਜ਼, ਵਲੰਟੀਅਰਾਂ, ਵਿਦਿਆਰਥੀਆਂ, ਆਂਗਣਵਾੜੀ ਵਰਕਰਾਂ, ਸੈਲਫ ਹੈਲਪ ਗਰੁੱਪਾਂ, ਨਹਿਰੂ ਯੁਵਾ ਕੇਂਦਰ, ਸਮਾਜ ਸੇਵੀ ਸੰਸਥਾਵਾਂ ਆਦਿ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ। ਖਾਸ ਕਰ ਨੌਜਵਾਨਾਂ, ਔਰਤਾਂ, ਪੀ.ਡਬਲਯੂ.ਡੀ., ਬਜ਼ੁਰਗ ਅਤੇ ਸ਼ਹਿਰੀ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਸੁਚੇਤ ਕਰਨ ਲਈ ਸੋਸ਼ਲ ਮੀਡੀਆ, ਰੇਡੀਓ, ਐਫ.ਐਮ. ਸਮੇਤ ਸੰਚਾਰ ਦੇ ਹੋਰ ਵੱਖ-ਵੱਖ ਸਾਧਨਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਵੋਟਰ ਚੋਣਾਂ ਵਾਲੇ ਦਿਨ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਕਰਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੌਜੂਦ ਹੋਣ। ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਤਹਿਸੀਲਦਾਰ ਰਾਕੇਸ਼ ਕਾਨੂੰਨਗੋ ਆਦਿ ਵੀ ਮੌਜੂਦ ਸਨ।