ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।
ਹੁਣ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹੇਗਾ ਸੇਵਾ ਕੇਂਦਰ
ਫਰੀਦਕੋਟ 18 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਵੱਲੋਂ ਜਨਤਕ ਸੇਵਾਵਾਂ ਦੀ ਪਹੁੰਚ ਨੂੰ ਹੋਰ ਵੀ ਸੁਚਾਰੂ ਅਤੇ ਸਰਲ ਬਣਾਉਣ ਦੇ ਉਦੇਸ਼ ਨਾਲ ਜੈਤੋ ਵਿਖੇ ਡੀਐਸਪੀ ਦਫ਼ਤਰ ਦੇ ਸਾਹਮਣੇ ਸਥਿਤ ਤਹਿਸੀਲ ਕੰਪਲੈਕਸ ਵਿੱਚ ਚੱਲ ਰਹੇ ਸੇਵਾ ਕੇਂਦਰ ਦੇ ਕੰਮ ਕਰਨ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਇਹ ਸੇਵਾ ਕੇਂਦਰ ਹਰ ਰੋਜ਼ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਾ ਰਹੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਫੈਸਲਾ ਜਨਤਕ ਹਿੱਤ ਵਿੱਚ ਲਿਆ ਗਿਆ ਹੈ, ਕਿਉਂਕਿ ਉਕਤ ਸੇਵਾ ਕੇਂਦਰ ’ਤੇ ਆਉਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਸੀ। ਉਨ੍ਹਾਂ ਕਿਹਾ ਕਿ ਨਵੇਂ ਸਮੇਂ ਦੀ ਲਾਗੂ ਹੋਣ ਨਾਲ ਨਾ ਸਿਰਫ਼ ਭੀੜ ਵਿੱਚ ਕਮੀ ਆਵੇਗੀ, ਸਗੋਂ ਉਹ ਲੋਕ ਜਿਹੜੇ ਦਿਨ ਵਿੱਚ ਕੰਮ ਕਰਦੇ ਹਨ, ਜਿਵੇਂ ਕਿ ਪ੍ਰਾਈਵੇਟ ਨੌਕਰੀ ਕਰਨ ਵਾਲੇ ਜਾਂ ਦਫ਼ਤਰੀ ਕਰਮਚਾਰੀ, ਉਹ ਵੀ ਹੁਣ ਸ਼ਾਮ ਦੇ ਸਮੇਂ ਆਪਣੇ ਕੰਮ ਮੁਕਾਉਣ ਲਈ ਆ ਸਕਣਗੇ।
ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਪ੍ਰਸ਼ਾਸਕੀ ਸੇਵਾਵਾਂ ਦੀ ਪਹੁੰਚ ਹੋਰ ਵਧੇਗੀ ਅਤੇ ਨਿਵਾਸੀਆਂ ਨੂੰ ਸੁਵਿਧਾਜਨਕ ਢੰਗ ਨਾਲ ਸਰਕਾਰੀ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਗੇ ਵੀ ਇਹ ਯਤਨ ਜਾਰੀ ਰਹੇਗਾ ਕਿ ਲੋਕਾਂ ਤੱਕ ਸੇਵਾਵਾਂ ਸਿੱਧੀ, ਤੇਜ਼ ਅਤੇ ਆਸਾਨੀ ਨਾਲ ਪਹੁੰਚ ਸਕਣ।