ਤਰਨ ਤਾਰਨ, 03 ਜੂਨ 2025 (ਪੰਜਾਬੀ ਖਬਰਨਾਮਾ ਬਿਊਰੋ): ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਸਹਾੲਕਿ ਕਮਿਸ਼ਨਰ ਜਨਰਲ ਡਾ. ਕਰਨਬੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਭਿਨਵ ਗੋਇਲ, ਐਕਸੀਅਨ ਸੈਨੀਟੇਸ਼ਨ ਤੇ ਜਲ ਸਪਲਾਈ ਸ੍ਰੀ ਸਿਮਰਨਜੀਤ ਸਿੰਘ ਅਤੇ ਸਮੂਹ ਬੀ. ਡੀ. ਪੀ. ਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ, ਸ਼ਹਿਰੀ ਵਿਕਾਸ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਭੇਜੇ ਜਾਣ ਤਾਂ ਜੋ ਇਸ ਦੀ ਰਿਪੋਰਟ ਸਮੇਂ ਸਿਰ ਸਰਕਾਰ ਨੂੰ ਭੇਜੀ ਜਾ ਸਕੇ।ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਹੁਣ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ।ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ `ਚ ਤੇਜ਼ੀ ਲਿਆਉਣਾ ਹੈ।
