ਸੰਗਰੂਰ, 4 ਮਾਰਚ (ਪੰਜਾਬੀ ਖਬਰਨਾਮਾ):ਬੇਸਹਾਰਾ ਪਸ਼ੂਧਨ ਨੂੰ ਸੜਕਾਂ ਤੇ ਰੁਲਣ ਤੋਂ ਬਚਾਉਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਨ੍ਹਾਂ ਦੀ ਸਹੀ ਸੰਭਾਲ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੇ ਜ਼ਿਲ੍ਹੇ ਵਿੱਚ ਬੇਸਹਾਰਾ ਪਸ਼ੂਧਨ ਦੀ ਪਛਾਣ ਲਈ ਪੱਕੀ ਟੈਗਿੰਗ ਕਰਵਾਈ ਜਾਵੇਗੀ ਤਾਂ ਜੋ ਸ਼ਹਿਰਾਂ ਵਿੱਚੋਂ ਸਾਰਾ ਪਸ਼ੂਧਨ ਫੜ੍ਹ ਕੇ ਗਊਸ਼ਾਲਾਵਾਂ ਵਿੱਚ ਭੇਜ ਕੇ ਪਸ਼ੂਧਨ ਨੂੰ ਛੱਡਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਝਨੇੜੀ ਸਥਿਤ ਸਰਕਾਰੀ ਗਊਸ਼ਾਲਾ ਵਿੱਚ ਬਣ ਰਹੇ ਦੋਵਾਂ ਸ਼ੈਡਾਂ ਨੂੰ ਜਲਦ ਤੋਂ ਜਲਦ ਤਿਆਰ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸਦੀ ਸਮਰੱਥਾ ਨੂੰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਾਰੀਆਂ ਗਊਸ਼ਾਲਾਵਾਂ ਵਿੱਚ ਸੀਸੀਟੀਵੀ ਕੈਮਰੇ ਲਗਾਵਾਉਣੇ ਵੀ ਯਕੀਨੀ ਬਣਾਏ ਜਾਣਗੇ ਤਾਂ ਜੋ ਗਊਧਨ ਦੀ ਸਹੀ ਸੰਭਾਲ ਯਕੀਨੀ ਬਣਾਈ ਜਾ ਸਕੇ।
ਇਸ ਮੀਟਿੰਗ ਦੌਰਾਨ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਗਊਸ਼ਾਲਾਵਾਂ ਵਿੱਚ ਜਗ੍ਹਾ ਦੀ ਘਾਟ ਦੇ ਮੱਦੇਨਜ਼ਰ ਹੁਣ ਆਵਾਰਾ ਪਸ਼ੂਧਨ ਨੂੰ ਫੜ੍ਹ ਕੇ ਪ੍ਰਾਇਵੇਟ ਗਊਸ਼ਾਲਾਵਾਂ ਵਿੱਚ ਭੇਜਣ ਦੀ ਤਜਵੀਜ਼ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਪ੍ਰਾਇਵੇਟ ਗਊਸ਼ਾਲਾਵਾਂ ਨੂੰ ਇਨ੍ਹਾਂ ਦੀ ਸੰਭਾਲ ਲਈ ਤੈਅ ਮਾਪਦੰਡਾਂ ਅਨੁਸਾਰ ਬਣਦਾ ਖ਼ਰਚਾ ਵੀ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪਿੰਡਾਂ ਵਿੱਚ ਗਊਚਰਾਂਦਾਂ ਦੀਆਂ ਜ਼ਮੀਨਾਂ ਦੀ ਪਛਾਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਉੱਪਰੋਂ ਨਾਜਾਇਜ਼ ਕਬਜ਼ੇ, ਜੇਕਰ ਕੋਈ ਹੋਣ, ਨੂੰ ਛੁਡਵਾਇਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।