ਦਿੜ੍ਹਬਾ, 21 ਮਾਰਚ (ਪੰਜਾਬੀ ਖ਼ਬਰਨਾਮਾ):ਬੀਤੇ ਦਿਨੀ ਸਬ ਡਵੀਜ਼ਨ ਦਿੜਬਾ ਦੇ ਪਿੰਡ ਗੁੱਜਰਾਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਵਾਪਰੀ ਅਣਸੁਖਾਵੀ ਘਟਨਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਲੋਕ ਹਿਤ ਵਿੱਚ ਅਹਤਿਆਤੀ ਤੌਰ ਤੇ ਵੱਖ-ਵੱਖ ਕਦਮ ਪੁੱਟੇ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਹਿਲ ਇਸ ਸਮੁੱਚੀ ਪ੍ਰਕਿਰਿਆ ਦੀ ਬੀਤੇ ਦਿਨ ਤੋਂ ਹੀ ਲਗਾਤਾਰ ਨਿਗਰਾਨੀ ਕਰ ਰਹੇ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਦਿੜਬਾ ਅਤੇ ਨੇੜੇ ਲੱਗਦੇ ਲਗਭਗ 20 ਕਿਲੋਮੀਟਰ ਦੇ ਦਾਇਰੇ ਵਿੱਚ ਸਿਹਤ ਵਿਭਾਗ, ਪੁਲਿਸ ਵਿਭਾਗ, ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਤੇ ਅਧਾਰਤ ਸਾਂਝੀਆਂ ਟੀਮਾਂ ਵੱਲੋਂ ਘਰ ਘਰ ਵਿੱਚ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਵਿੱਚ ਅਜਿਹੇ ਲੱਛਣ ਪਾਏ ਜਾਂਦੇ ਹਨ ਕਿ ਉਸ ਵਿਅਕਤੀ ਵੱਲੋਂ ਪਿਛਲੇ ਦਿਨਾਂ ਦੌਰਾਨ ਸੇਵਨ ਕੀਤੀ ਗਈ ਅਜਿਹੀ ਮਿਲਾਵਟੀ ਸ਼ਰਾਬ ਕਾਰਨ ਉਸਦੀ ਸਿਹਤ ਵਿੱਚ ਗਿਰਾਵਟ ਆਈ ਹੈ ਤਾਂ ਉਸ ਦਾ ਢੁਕਵਾਂ ਇਲਾਜ ਕਰਨ ਲਈ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਹੇਠ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਹੀ ਇਸ ਘਟਨਾ ਦੇ ਸਾਹਮਣੇ ਆਉਣ ਤੇ ਸਿਵਲ ਸਰਜਨ ਸੰਗਰੂਰ ਨੂੰ ਸਬੰਧਤ ਪਿੰਡ ਅਤੇ ਹੋਰ ਪਿੰਡਾਂ ਵਿੱਚ ਇਸ ਸਬੰਧੀ ਲੋੜੀਦੇ ਮੈਡੀਕਲ ਪ੍ਰਬੰਧ ਕਰਨ ਦੇ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਸਨ ਅਤੇ ਲੋੜਵੰਦ ਲੋਕਾਂ ਦੀ ਸੁਵਿਧਾ ਦੇ ਲਈ ਉੱਥੇ 20 ਤੋਂ ਵੱਧ ਐਬੂਲੈਂਸਾਂ ਸਟੇਸ਼ਨਡ ਕੀਤੀਆਂ ਗਈਆਂ ਹਨ।
ਇਹ ਵੀ ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਮਲੇ ਦੀ ਮੈਜਿਸਟਰੇਟ ਜਾਂਚ ਕਰਨ ਲਈ ਹਾਈ ਪਾਵਰ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਸੀ ਜੋ ਕਿ 72 ਘੰਟਿਆਂ ਵਿੱਚ ਆਪਣੀ ਜਾਂਚ ਰਿਪੋਰਟ ਸੌਂਪੇਗੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀ ਸ਼ਾਮਿਲ ਹਨ।
ਅੱਜ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਅਤੇ ਦਿੜਬਾ ਦੇ ਐਸਡੀਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਮੈਡੀਕਲ ਜਾਂਚ ਲਈ ਬਣਾਈਆਂ ਗਈਆਂ ਸਾਂਝੀਆਂ ਟੀਮਾਂ ਨੇ ਦਿੜਬਾ ਦੇ ਵੱਖ-ਵੱਖ ਪਿੰਡਾਂ ਵਿੱਚ ਮੈਡੀਕਲ ਸਿਹਤ ਜਾਂਚ ਕੀਤੀ ਅਤੇ ਕਿਸੇ ਵੀ ਵਿਅਕਤੀ ਵਿੱਚ ਲੱਛਣ ਸਾਹਮਣੇ ਆਉਣ ਤੇ ਫੌਰੀ ਮੈਡੀਕਲ ਸੁਵਿਧਾ ਦੇਣ ਦੇ ਪ੍ਰਬੰਧ ਕੀਤੇ ਗਏ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਸਾਰੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਖੇਤਰ ਵਿੱਚ ਸਸਤੀ ਜਾਂ ਗੈਰ ਮਿਆਰੀ ਸ਼ਰਾਬ ਦਾ ਸੇਵਨ ਕਰਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਹਾਲਾਂਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਫਿਰ ਵੀ ਲੋਕਾਂ ਦੇ ਪੱਧਰ ਤੇ ਕਾਫੀ ਸੁਚੇਤ ਹੋਣ ਦੀ ਲੋੜ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।