ਜਲੰਧਰ ,18 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸਮੁੱਚੇ ਚੋਣ ਅਮਲ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਪੂਰਾ ਸਹਿਯੋਗ ਦੇਣ।

ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰੀਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਰੰਗਲ ਤੇ ਐਸ ਐਸ ਪੀ ਮੁਖਵਿੰਦਰ ਸਿੰਘ ਭੁੱਲਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਜਲੰਧਰ ਲੋਕ ਸਭਾ ਚੋਣ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਜਿਸ ਤੋਂ ਬਾਅਦ 14 ਮਈ ਤੱਕ ਨਾਮਜ਼ਦਗੀ ਦਾਇਰ ਕਰਨ ਦੀ ਅੰਤਿਮ ਮਿਤੀ ਹੋਵੇਗੀ।

ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀਆਂ ਦੀ ਜਾਂਚ-ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਮਿਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ 6 ਜੂਨ 2024 ਤੱਕ ਚੋਣ ਅਮਲ ਮੁਕੰਮਲ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਚੋਣਾਂ ਕਰਵਾਉਣ ਲਈ 1951 ਪੋਲਿੰਗ ਸਟੇਸ਼ਨਾਂ ਦੀ ਸਥਾਪਿਤ ਕਰ ਦਿੱਤੇ ਗਏ ਹਨ ਅਤੇ 16.41 ਲੱਖ ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ ।

ਉਨ੍ਹਾਂ ਇਹ ਵੀ ਦੱਸਿਆ ਕਿ ਹਰੇਕ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰਨ ਵਾਲੇ ਦਿਨ ਤੋਂ ਲੈ ਕੇ ਚੋਣ ਨਤੀਜੇ ਦੀ ਘੋਸ਼ਣਾ ਵਾਲੇ ਦਿਨ ਤੱਕ ਕੀਤੇ ਗਏ ਚੋਣ ਖ਼ਰਚ ਦਾ ਹਿਸਾਬ-ਕਿਤਾਬ ਰੋਜ਼ਾਨਾ ਮੇਨਟੇਨ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਹਰੇਕ ਉਮੀਦਵਾਰ ਵਲੋਂ 10,000 ਰੁਪਏ ਤੋਂ ਵੱਧ ਕੀਤੇ ਜਾਣ ਵਾਲੇ ਖਰਚੇ ਦੀ ਅਦਾਇਗੀ ਉਮੀਦਵਾਰ ਵਲੋਂ ਚੋਣ ਖ਼ਰਚੇ ਸਬੰਧੀ ਖੁਲਵਾਏ ਗਏ ਬੈਂਕ ਖਾਤੇ ਵਿਚੋਂ ਚੈਕ, ਡਿਮਾਂਡ ਡਰਾਫਟ ਅਤੇ ਨੈਫਟ ਰਾਹੀਂ ਹੀ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਰੰਗਲ ਨੇ ਅੱਗੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਆਪਣੇ ਚੋਣ ਪ੍ਰਚਾਰ ਲਈ ਪ੍ਰਿੰਟ, ਇਲੈਕਟਰੋਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਦੇ ਕੰਟੈਂਟ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰਾ ਨੰਬਰ 14-ਏ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਪਾਸੋਂ ਪ੍ਰੀ ਸਰਟੀਫਿਕੇਸ਼ਨ ਕਰਵਾਉਣਾ ਲਾਜ਼ਮੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਪ੍ਰਚਾਰ ਲਈ ਵਰਤੀਆਂ ਜਾਣ ਵਾਲੀਆਂ ਗੱਡੀਆਂ ਅਤੇ ਉਨਾਂ ’ਤੇ ਲੱਗਣ ਵਾਲੇ ਲਾਊਡ ਸਪੀਕਰ ਆਦਿ ਦੀ ਵਰਤੋਂ ਤੋਂ ਪਹਿਲਾਂ ਉਨਾਂ ਦੀ ਲਿਖਤੀ ਜਾਣਕਾਰੀ ਸਬੰਧਿਤ ਸਹਾਇਕ ਰਿਟਰਨਿੰਗ ਅਫ਼ਸਰ ਪਾਸ ਜਮਾ ਕਰਵਾਕੇ ਵਹੀਕਲ ਅਤੇ ਲਾਊਡ ਸਪੀਕਰ ਸਬੰਧੀ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲਾਊਡ ਸਪੀਕਰ ਦੀ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੀ ਵਰਤੋਂ ਕੀਤੀ ਜਾ ਸਕੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਿਟਰਨਿੰਗ ਅਫ਼ਸਰ ਲੋਕ ਸਭਾ ਚੋਣ ਹਲਕਾ 04-ਜਲੰਧਰ (ਅ.ਜ.) ਵਲੋਂ ਸਬੰਧਿਤ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ ਕਿਉਂਕਿ ਇਨ ਦਿਨਾਂ ਨੂੰ ਨੈਗੋਸ਼ੀਏਬਲ ਇੰਸਟਰਾਮੈਂਟ ਐਕਟ 1881 ਅਧੀਨ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀ ਫਾਰਮ ਕੰਮ ਵਾਲੇ ਦਿਨ ਜ਼ਿਲ੍ਹਾ ਚੋਣ ਦਫ਼ਤਰ ਕਮਰਾ ਨੰਬਰ 201, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪ੍ਰਵਾਨਗੀਆਂ ਦਿੱਤੀਆਂ ਜਾਣੀਆਂ ਹਨ। ਪ੍ਰਵਾਨਗੀਆਂ ਸਬੰਧੀ ਐੱਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਇਹ ਟੀਮ ਉਮੀਦਵਾਰ/ਬਿਨੈਕਾਰ ਨੂੰ ਪ੍ਰਵਾਨਗੀ ਦੇਣ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਵਾਉਣਗੇ ਅਤੇ ਸਿੰਗਲ ਵਿੰਡੋ ਰਾਹੀਂ ਪਰਮੀਸ਼ਨ ਲੈ ਸਕਦੇ ਹਨ।

 ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਇਸ ਵਾਰ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖ਼ਰਚੇ ਦੀ ਹੱਦ 70 ਲੱਖ ਤੋਂ ਵਧਾ ਕੇ 95 ਲੱਖ ਰੁਪਏ ਕੀਤੀ ਗਈ ਹੈ ।

ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਜਾਂ ਉਸ ਦੇ ਵਰਕਰਾਂ ਨੂੰ ਕਿਸੇ ਵਿਅਕਤੀ ਦੀ ਆਗਿਆ ਬਿਨਾਂ ਉਸ ਦੀ ਜ਼ਮੀਨ, ਇਮਾਰਤ ਜਾਂ ਕੰਧ ਉੱਤੇ ਝੰਡੇ, ਬੈਨਰ, ਨੋਟਿਸ ਚਿਪਕਾਉਣਾ, ਨਾਅਰੇ ਆਦਿ ਲਿਖਣ ਦੀ ਆਗਿਆ ਨਹੀਂ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।
ਇਸ ਮੌਕੇ ਕਾਂਗਰਸ , ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ , ਬਸਪਾ , ਭਾਜਪਾ , ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਵਿਚ ਭਾਗ ਲਿਆ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।