ਰੂਪਨਗਰ, 07 ਮਾਰਚ ( ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਜਿਸ ਵਿਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਤੇ ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਕਿਹਾ ਗਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ ਸਾਰੇ ਪਿੰਡਾਂ ਨੂੰ ਓ.ਡੀ.ਐੱਫ ਪਲੱਸ ਮਾਡਲ ਪਿੰਡ ਬਣਾਇਆ ਜਾਵੇ।ਇਸ ਦੇ ਨਾਲ ਜ਼ਿਲ੍ਹਾ ਰੂਪਨਗਰ ਦੀਆਂ 24 ਜਲ ਸਪਲਾਈ ਸਕੀਮਾਂ ਜਿਹਨਾਂ ਦੇ ਤਖਮੀਨੇ ਦੀ ਲਾਗਤ 624.33 ਲੱਖ ਰੁਪਏ ਬਣਦੀ ਹੈ, ਉਨ੍ਹਾਂ ਨੂੰ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਵਲੋ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਮੁੱਖ ਕਾਰਜਕਾਰੀ ਅਫਸਰ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਬਕਾਇਆ ਰਹਿੰਦੇ ਠੋਸ ਕੂੜਾ ਪ੍ਰਬੰਧਨ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਰੂਪਨਗਰ ਦਾ ਓ.ਡੀ.ਐੱਫ ਪਲੱਸ ਮਾਡਲ ਦਾ ਟੀਚਾ ਸਮੇਂ ਸਿਰ ਪ੍ਰਾਪਤ ਕੀਤਾ ਜਾ ਸਕੇ ਅਤੇ ਪਿੰਡਾਂ ਨੂੰ ਸਾਫ-ਸੁਥਰਾ ਰੱਖਿਆ ਜਾ ਸਕੇ।
ਜ਼ਿਲ੍ਹਾ ਸੈਨੀਟੇਸ਼ਨ ਅਫਸਰ ਰੂਪਨਗਰ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਰੂਪਨਗਰ ਅਧੀਨ ਹੁਣ ਤੱਕ ਜ਼ਿਲ੍ਹੇ ਦੇ ਸਾਰੇ 588 ਪਿੰਡਾਂ ਨੂੰ ਐਸਪਾਈਰਿੰਗ ਸ਼੍ਰੇਣੀ ਅਧੀਨ ਓ.ਡੀ.ਐੱਫ ਪਲੱਸ ਘੋਸ਼ਿਤ ਕਰ ਦਿੱਤਾ ਗਿਆ ਹੈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਰੂਪਨਗਰ ਅਧੀਨ ਪਿੰਡਾਂ ਵਿੱਚ ਉਸਾਰੇ ਜਾ ਰਹੇ ਘਰੇਲੂ ਪਖਾਨੇ, ਸਾਂਝੇ ਪਖਾਨੇ, ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ, ਗੋਬਰ-ਧਨ ਅਤੇ ਜਲ ਸਪਲਾਈ ਸਕੀਮਾਂ ਦੇ ਕੰਮਾਂ ਦੀ ਪ੍ਰਗਤੀ ਅਤੇ ਪ੍ਰਵਾਨਗੀ ਦੇਣ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵਲੋਂ ਜੋਰ ਦੇ ਕੇ ਕਿਹਾ ਗਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਤੇ ਜਲ ਜੀਵਨ ਮਿਸ਼ਨ ਭਾਰਤ ਸਰਕਾਰ ਵਲੋਂ ਚਲਾਈਆ ਜਾ ਰਹੀਆ ਬਹੁਤ ਹੀ ਅਹਿਮ ਮੁਹਿੰਮ ਹਨ ਜਿਸ ਵਿੱਚ ਵਿਭਾਗ ਅਤੇ ਪਿੰਡ ਵਾਸੀਆਂ ਦੀ ਭਾਗੀਦਾਰੀ ਰਾਹੀਂ ਆਪਣੇ ਘਰ ਅਤੇ ਪਿੰਡਾਂ ਨੂੰ ਸਾਫ-ਸੁਥਰਾ ਬਣਾਉਣਾ ਅਤੇ ਪੀਣ ਯੋਗ ਸ਼ੁੱਧ ਜਲ ਮੁਹੱਈਆ ਕਰਵਾ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕਦਾ ਹੈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਅਤੇ ਪੰਚਇਤ ਅਫਸਰ ਸ. ਅਮਰਿੰਦਰਪਾਲ ਸਿੰਘ ਚੌਹਾਨ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਸ਼੍ਰੀਮਤੀ ਕ੍ਰਿਸ਼ਨਾ ਦੇਵੀ, ਚੇਅਰਪਰਸਨ ਬਲਾਕ ਸੰਮਤੀ ਮੋਰਿੰਡਾ ਸ਼੍ਰੀਮਤੀ ਬਲਜੀਤ ਕੌਰ, ਚੇਅਰਪਰਸਨ ਬਲਾਕ ਸੰਮਤੀ ਸ਼੍ਰੀ ਚਮਕੌਰ ਸਾਹਿਬ ਸ਼੍ਰੀਮਤੀ ਅਮਨ ਸੰਧੂਆਂ, ਕਾਰਜਕਾਰੀ ਇੰਜੀਨੀਅਰ-ਕਮ-ਜਿਲ੍ਹਾ ਸੈਨੀਟੇਸ਼ਨ ਅਫਸਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਰੂਪਨਗਰ ਸ਼੍ਰੀ ਮਾਈਕਲ, ਕਾਰਜਕਾਰੀ ਇੰਜੀਨੀਅਰ-ਕਮ-ਜਿਲ੍ਹਾ ਵਾਟਰ ਅਫਸਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਸ਼੍ਰੀ ਅਨੰਦਪੁਰ ਸਾਹਿਬ ਸ. ਹਰਜੀਤਪਾਲ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਜਗਜੀਤ ਕੌਰ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ, ਜ਼ਿਲ੍ਹਾ ਵਣ ਅਫਸਰ ਸ. ਹਰਜਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।