ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮ
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਮੰਗਲਵਾਰ ਸ਼ਾਮ 5 ਵਜੇ ਪਹੁੰਚਣ ਦਾ ਸੱਦਾ
ਜਲੰਧਰ, 3 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 4 ਨਵੰਬਰ ਨੂੰ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਸਟੇਡੀਅਮ ਵਿਖੇ ਪਹੁੰਚ ਕੇ ਲਾਈਟ ਐਂਡ ਸਾਊਂਡ ਸ਼ੋਅ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਡਾ. ਅਗਰਵਾਲ ਨੇ ਦੱਸਿਆ ਕਿ 4 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਸ਼ਾਮ 5:30 ਵਜੇ ਢਾਡੀ ਜਥੇ ਵੱਲੋਂ ਵਾਰਾਂ ਦਾ ਗਾਇਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼ਾਮ 5 ਵਜੇ ਲਾਈਟ ਐਂਡ ਸਾਊਂਡ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸੰਗਤ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸਟੇਡੀਅਮ ਵਿੱਚ ਸੁਖਾਲੇ ਦਾਖਲੇ ਤੋਂ ਇਲਾਵਾ ਬੈਠਣ ਦੇ ਪੁਖ਼ਤਾ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਜਾਣ, ਤਾਂ ਜੋ ਸੰਗਤ ਨੂੰ ਕਿਸੇ ਅਸੁਵਿਧਾ ਸਾਹਮਣਾ ਨਾ ਕਰਨਾ ਪਵੇ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਸਟੇਡੀਅਮ ਵਿਖੇ ਵੱਡੀ ਗਿਣਤੀ ਸੰਗਤ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਅਤੇ ਢੁੱਕਵੀਂ ਪਾਰਕਿੰਗ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ, ਜੋ ਜ਼ਿਲ੍ਹੇ ਵਿੱਚ 21 ਨਵੰਬਰ ਨੂੰ ਪਹੁੰਚੇਗਾ, ਦੇ ਸਵਾਗਤ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
